ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਚੌਥੀ ਮੀਟਿੰਗ ਦੌਰਾਨ ਕਿਸਾਨਾਂ ਨੂੰ ਜੋ 5 ਫਸਲਾਂ ’ਤੇ ਐਮਐਸਪੀ ਦੀ ਪੇਸ਼ਕਸ਼ ਦਿੱਤੀ ਗਈ ਹੈ, ਉਸ ’ਤੇ ਕਿਸਾਨਾਂ ਨੇ ਮੰਥਨ ਸ਼ੁਰੂੁ ਕਰ ਦਿੱਤਾ ਹੈ। ਇਸ ਮੁੱਦੇ ਨੂੰ ਲੈ ਕੇ ਕਿਸਾਨ ਆਗੂਆਂ ਨੇ ਵੱਖ-ਵੱਖ ਸੰਸਥਾਵਾਂ ਅਤੇ ਖੇਤੀ ਮਾਹਿਰਾਂ ਨਾਲ ਚਰਚਾ ਕਰਨੀ ਸ਼ੁਰੂ ਕਰ ਦਿੱਤੀ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਜੋ ਪੇਸ਼ਕਸ਼ ਕੀਤੀ ਗਈ ਹੈ, ਉਸ ’ਤੇ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਚਰਚਾ ਕਰਨਗੇ। ਇਸ ਤੋਂ ਬਾਅਦ ਜੇਕਰ ਕੋਈ ਨਤੀਜਾ ਨਾ ਨਿਕਲਿਆ ਤਾਂ 21 ਫਰਵਰੀ ਨੂੰ ਦਿੱਲੀ ਕੂਚ ਕੀਤਾ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸਰਕਾਰ ਵਲੋਂ ਦਿੱਤੀ ਗਈ ਪੇਸਕਸ਼ ’ਤੇ ਵਿਚਾਰ ਕਰ ਰਹੇ ਹਾਂ ਅਤੇ ਅਸੀਂ ਸਾਰੀਆਂ ਫਸਲਾਂ ਦੀ ਐਮਐਸਪੀ ’ਤੇ ਖਰੀਦ ਦੇ ਲਈ ਕਾਨੂੰਨ ਦੀ ਮੰਗ ਕਰ ਰਹੇ ਹਾਂ।
ਉਨ੍ਹਾਂ ਕਿਹਾ ਕਿ ਸਾਡੀਆਂ ਕਿਸਾਨੀ ਸਬੰਧੀ 10 ਮੰਗਾਂ ਹਨ ਅਤੇ ਇਨ੍ਹਾਂ ਵਿਚ ਕਿਸਾਨ ਖੇਤ ਮਜ਼ਦੂਰਾਂ ਦੀ ਕਰਜ਼ਾ ਮਾਫੀ ਨਾਲ ਜੁੜਿਆ ਮੁੱਦਾ ਵੀ ਸ਼ਾਮਲ ਹੈ। ਸੋ ਕੇਂਦਰ ਸਰਕਾਰ ਵਲੋਂ ਦਿੱਤੀ ਗਈ ਪੇਸ਼ਕਸ਼ ’ਤੇ ਕਿਸਾਨ ਆਗੂਆਂ ਵਲੋਂ ਅੱਜ 19 ਅਤੇ ਭਲਕੇ 20 ਫਰਵਰੀ ਨੂੰ ਚਰਚਾ ਕੀਤੀ ਜਾਣੀ ਹੈ। ਇਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ।