ਸਰਕਾਰ ਖਿਲਾਫ ਬੋਲਣ ਵਾਲਿਆਂ ਨੂੰ ਝੂੁਠੇ ਮੁਕੱਦਮਿਆਂ ’ਚ ਫਸਾ ਰਹੀ ਪੁਲਿਸ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ’ਤੇ ਸਵਾਲ ਚੁੱਕੇ ਹਨ। ਚੰਨੀ ਨੇ ਇਕ ਨਿੱਜੀ ਸਮਾਗਮ ਦੌਰਾਨ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਸਰਕਾਰ ਐਕਸ਼ਨ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖਿਲਾਫ ਬੋਲਣ ਵਾਲਿਆਂ ਨੂੰ ਪੁਲਿਸ ਝੂਠੇ ਮੁਕੱਦਮਿਆਂ ਵਿਚ ਫਸਾ ਰਹੀ ਹੈ।
ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਨਾ ਸਿੱਧੂ ਲੋਕਾਂ ਦੀ ਮੱਦਦ ਕਰਦਾ ਹੈ ਅਤੇ ਸਰਕਾਰ ਭਾਨਾ ਸਿੱਧੂ ਅਤੇ ਅਜਿਹੇ ਹੋਰ ਵਿਅਕਤੀਆਂ ਤੇ ਵਿਰੋਧੀ ਪਾਰਟੀਆਂ ਦੇ ਆਗੂੁਆਂ ਖਿਲਾਫ ਝੂਠੇ ਮੁਕੱਦਮੇ ਦਰਜ ਕਰ ਰਹੀ ਹੈ। ਚੰਨੀ ਨੇ ਕਿਹਾ ਕਿ ਜਦੋਂ ਵਿਅਕਤੀ ਨੂੰ ਇਕ ਕੇਸ ਵਿਚੋਂ ਜ਼ਮਾਨਤ ਮਿਲ ਜਾਏ ਤਾਂ ਉਸ ਨੂੰ ਦੂਜੇ ਕਿਸੇ ਫਰਜ਼ੀ ਕੇਸ ਵਿਚ ਸਰਕਾਰ ਵਲੋਂ ਫਸਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਤਰ੍ਹਾਂ ਦੀ ਧੱਕੇਸ਼ਾਹੀ ਜ਼ਿਆਦਾ ਸਮਾਂ ਨਹੀਂ ਚੱਲੇਗੀ।
ਮੀਡੀਆ ਰਿਪੋਰਟਾਂ ਮੁਤਾਬਕ ਤਿੰਨ ਦਿਨਾਂ ਤੋਂ ਪਟਿਆਲਾ ਸਦਰ ਪੁਲਿਸ ਕੋਲ ਰਿਮਾਂਡ ’ਤੇ ਚੱਲ ਰਹੇ ਭਾਨਾ ਸਿੱਧੂ ਨੂੰ ਅੱਜ ਪਟਿਆਲਾ ਦੀ ਅਦਾਲਤ ਨੇ ਨਿਆਇਕ ਹਿਰਾਸਤ ’ਚ ਪਟਿਆਲਾ ਦੀ ਜੇਲ੍ਹ ਵਿਚ ਭੇਜਣ ਦੇ ਨਿਰਦੇਸ਼ ਦਿੱਤੇ।