ਖੁਸ਼ਖਬਰੀ : ਝੁੱਗੀਆਂ ‘ਚ ਰਹਿਣ ਵਾਲੇ ਹਜ਼ਾਰਾਂ ਪਰਿਵਾਰਾਂ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ
ਪੰਜਾਬੀ ਡੈਸਕ:- ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਲੈਗਸ਼ਿਪ ਪ੍ਰੋਗਰਾਮ ‘ਬਸੇਰਾ’ ਤਹਿਤ ਅੰਮ੍ਰਿਤਸਰ ਅਤੇ ਫਤਹਿਗੜ ਸਾਹਿਬ ਜ਼ਿਲ੍ਹਿਆਂ ਵਿੱਚ ਦੋ ਥਾਵਾਂ ’ਤੇ ਝੁੱਗੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਅਧਿਕਾਰ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਇਹ ਫੈਸਲਾ ਅੱਜ ਇਥੇ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਸਟੀਅਰਿੰਗ ਕਮੇਟੀ ਦੀ ਚੌਥੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਸਕੱਤਰ ਨੇ ਕਿਹਾ ਕਿ, ਇਸ ਫੈਸਲੇ ਨਾਲ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ 40 ਸਲੱਮ ਖੇਤਰਾਂ ਵਿੱਚ ਰਹਿੰਦੇ 7700 ਪਰਿਵਾਰਾਂ ਨੂੰ ਮਾਲਕੀ ਅਧਿਕਾਰ ਦਿੱਤੇ ਗਏ ਹਨ। ਇਸ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਸਕੱਤਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮਲਕੀਅਤ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਨਿਰਦੇਸ਼ ਦਿੱਤੇ ਤਾਂ ਜੋ ਝੁੱਗੀਆਂ ਝੌਂਪੜੀ ਵਾਲਿਆਂ ਦਾ ਆਪਣਾ ਮਕਾਨ ਹੋਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।