ਵੈਕਸੀਨੇਸ਼ਨ ਨਾ ਲਗਵਾਉਣ ਵਾਲੇ ਸਰਕਾਰੀ ਕਰਮਚਾਰੀਆਂ ਦੀ ਆਵੇਗੀ ਸ਼ਾਮਤ, ਸਰਕਾਰ ਵਲੋਂ ਸਖ਼ਤੀ ਦੇ ਨਿਰਦੇਸ਼

ਕੋਰੋਨਾ ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਸਰਕਾਰੀ ਵਿਭਾਗਾਂ ‘ਚ ਤਾਇਨਾਤ ਕਰਮਚਾਰੀ ਤੇ ਅਧਿਕਾਰੀ ਸੁਚੇਤ ਹੋ ਜਾਣ। ਸਿਹਤ ਵਿਭਾਗ ਵਲੋਂ ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ‘ਤੇ ਕਾਰਵਾਈ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਲਾਪ੍ਰਵਾਹ ਕਰਮਚਾਰੀਆਂ ‘ਤੇ ਕਾਰਵਾਈ ਕਰਨ ਲਈ ਹੁਕਮ ਦਿੱਤੇ ਹਨ। ਵਿਭਾਗ ਦਾ ਮੰਨਣਾ ਹੈ ਕਿ ਜੇਕਰ ਸਰਕਾਰੀ ਕਰਮਚਾਰੀ ਹੀ ਵੈਕਸੀਨੇਸ਼ਨ ਨਹੀਂ ਕਰਵਾਉਣਗੇ ਤਾਂ ਕੋਰੋਨਾ ਮਹਾਮਾਰੀ ਨੂੰ ਕਿਸ ਤਰ੍ਹਾਂ ਖਤਮ ਕੀਤਾ ਜਾ ਸਕਦਾ ਹੈ ? ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਦੀ ਤੀਜੀ ਲਹਿਰ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਜੇਕਰ ਲੋਕ ਸਾਵਧਾਨੀ ਵਰਤਣਗੇ ਅਤੇ ਵੈਕਸੀਨੇਸ਼ਨ ਕਰਵਾ ਲੈਣਗੇ ਤਾਂ ਤੀਜੀ ਲਹਿਰ ਕਦੇ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਲਗਾਤਾਰ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਘੱਟ ਹੋ ਰਹੀ ਹੈ। ਲੋਕਾਂ ਨੂੰ ਜਾਗਰੂਕ ਰਹਿਣ ਦੀ ਬੇਹੱਦ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਨੂੰ ਹੁਕਮ ਦਿੱਤੇ ਗਏ ਹਨ ਕਿ ਜਿਨ੍ਹਾਂ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਵੈਕਸੀਨ ਨਹੀਂ ਲੱਗੀ ਹੈ, ਉਨ੍ਹਾਂ ਨੂੰ ਸਕੂਲਾਂ ‘ਚ ਦਾਖਲ ਨਾ ਹੋਣ ਦਿੱਤਾ ਜਾਵੇ। ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਵੈਕਸੀਨੇਸ਼ਨ ਲਈ ਅੱਜ ਉੱਚ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।

ਕੋਰੋਨਾ ਦੇ ਮਾਮਲਿਆਂ ‘ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਨੂੰ 3 ਮਾਮਲੇ ਪਾਜ਼ੇਟਿਵ ਆਏ ਹਨ, ਜਦਕਿ 3 ਹੀ ਮਰੀਜ਼ ਕੋਰੋਨਾ ਦੀ ਜੰਗ ਜਿੱਤ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਐਕਟਿਵ ਕੇਸਾਂ ਦੀ ਗਿਣਤੀ 18 ਹੈ। ਅਫਸੋਸ ਦੀ ਗੱਲ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 1589 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ ਅਤੇ 47240 ਲੋਕਾਂ ਨੂੰ ਕੋਰੋਨਾ ਆਪਣੀ ਲਪੇਟ ‘ਚ ਲੈ ਚੁੱਕਿਆ ਹੈ। ਚੰਗੀ ਖ਼ਬਰ ਇਹ ਰਹੀ ਕਿ 45633 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਲੋਕਾਂ ਨੂੰ ਸਾਵਧਾਨੀਆਂ ਵਰਤਣਆਂ ਬੇਹੱਦ ਜ਼ਰੂਰੀ ਹਨ। ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ 17407 ਲੋਕਾਂ ਦਾ ਟੀਕਾਕਰਨ ਹੋਇਆ ਹੈ। 10,00000 ਤੋਂ ਜ਼ਿਆਦਾ ਲੋਕਾਂ ਨੇ ਵੈਕਸੀਨ ਲਗਵਾ ਲਈ ਹੈ, ਜਦਕਿ 10 ਲੱਖ ਲੋਕ ਅਜੇ ਹੋਰ ਰਹਿੰਦੇ ਹਨ।

ਸਿਵਲ ਸਰਜਨ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਸ਼ਾਮ ਨੂੰ 60,000 ਵੈਕਸੀਨ ਹੋਰ ਜ਼ਿਲ੍ਹੇ ‘ਚ ਆ ਗਈ ਹੈ। ਲੋਕਾਂ ਨੂੰ ਅੱਗੇ ਆ ਕੇ ਵੈਕਸੀਨ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਐਤਵਾਰ ਨੂੰ ਵੀ ਆਮ ਦਿਨਾਂ ਦੀ ਤਰ੍ਹਾਂ ਸਰਕਾਰੀ ਕੇਂਦਰਾਂ ‘ਤੇ ਵੈਕਸੀਨ ਲੱਗੇਗੀ।

MUST READ