ਹਰਜਿੰਦਰ ਸਿੰਘ ਧਾਮੀ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਕੀਤੀ ਅਪੀਲ
ਅੰਮਿ੍ਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਅੰਮਿ੍ਤਸਰ ਵਿਚ ਹੋਈ ਹੈ। ਇਹ ਇਕੱਤਰਤਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਕੱਤਰਤਾ ਦੌਰਾਨ ਧਾਮੀ ਦੇ ਅਸਤੀਫੇ ਨੂੰ ਲੈ ਕੇ ਅੰਤਰਿੰਗ ਕਮੇਟੀ ਵੱਲੋਂ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ ਤੇ ਫਿਲਹਾਲ ਅਸਤੀਫੇ ਨੂੰ ਮਨਜ਼ੂਰ ਨਹੀਂ ਕੀਤਾ ਗਿਆ ਹੈ।
ਹੁਣ ਅੰਤਰਿੰਗ ਕਮੇਟੀ ਦੇ ਮੈਂਬਰ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫਾ ਵਾਪਸ ਲੈਣ ਲਈ ਮਨਾਉਣ ਵਾਸਤੇ ਜਾਣਗੇ ਅਤੇ ਅਸਤੀਫੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਨਗੇ। ਇਸਦੇ ਨਾਲ ਹੀ ਅੰਤਰਿੰਗ ਕਮੇਟੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਫੈਸਲਾ ਹਰਜਿੰਦਰ ਸਿੰਘ ਧਾਮੀ ਵਲੋਂ ਇਕਲਿਆਂ ਨਹੀਂ ਲਿਆ ਗਿਆ ਸੀ, ਇਹ ਕਮੇਟੀ ਦਾ ਫੈਸਲਾ ਸੀ। ਅੰਤਰਿੰਗ ਕਮੇਟੀ ਨੇ ਹਰਜਿੰਦਰ ਸਿੰਘ ਧਾਮੀ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਹੈ।