ਹਰਪਾਲ ਸਿੰਘ ਚੀਮਾ ਨੇ ਕੈਪਟਨ ਤੇ ਸਾਧਿਆ ਨਿਸ਼ਾਨਾ, ਕਰਜਾ ਮੁਆਫ਼ੀ ਦੇ ਨਾਂ ਤੇ ਲੋਕਾਂ ਨੂੰ ਗੁਮਰਾਹ ਕਰ ਰਹੀ ਕਾਂਗਰਸ ਸਰਕਾਰ

ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਜ਼ਾ ਮੁਆਫੀ ਦੀਆਂ ਗੱਲਾਂ ਕਰ ਰਹੇ ਹਨ ਉਥੇ ਹੀ ਇਸ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਸਾਢੇ ਚਾਰ ਸਾਲਾਂ ਤੋਂ ਕਿਸਾਨਾਂ, ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਕਰਜੇ ਮੁਆਫ ਕਰਨ ਦੇ ਫੈਸਲੇ ਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 2 ਲੱਖ 85 ਹਜਾਰ ਤੋਂ ਵੱਧ ਦੇ ਖੇਤ ਮਜਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਐਨਾਨ ਕੀਤਾ, ਜਦਕਿ ਇਸ ਕਰਜ਼ਾ ਮੁਆਫੀ ਦੇ ਨਾਂ ‘ਤੇ ਕੈਪਟਨ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।


ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀਆਂ ਨਾਕਾਮੀਆਂ ਛੁਪਾਉਣ ਅਤੇ ਭਾਜਪਾ ਤੇ ਬਾਦਲਾਂ ਨਾਲ ਸਾਂਝੇਦਾਰੀ ਨਿਭਾਉਣ ਲਈ ਆਮ ਆਦਮੀ ਪਾਰਟੀ ਬਾਰੇ ਬੇਤੁਕੀ ਬਿਆਨਬਾਜੀ ਕਰ ਰਹੇ ਹਨ। ਉਹਨਾਂ ਕਿਹਾ ਕਿ ਅਮਰਿੰਦਰ ਸਿੰਘ ਮੁੱਦੇ ਨੂੰ ਉਲਝਾਉਣ ਦੀ ਥਾਂ ਕਿਸਾਨਾਂ ਅਤੇ ਮਜਦੂਰਾਂ ਦੀ ਕਰਜ਼ਾ ਮੁਆਫੀ ਦੇ ਨਾਂ ‘ਤੇ ਕੀਤੇ ਘੁਟਾਲਿਆਂ ਬਾਰੇ ਸਥਿਤੀ ਸਪਸਟ ਕਰਨ।
ਉਨ੍ਹਾਂ ਕਿਹਾ ਕਿ ਅੱਜ ਵੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨਾਂ ਵੱਲੋਂ ਜਾਰੀ ‘ਪੀਪਲਜ ਵ੍ਹਿਪ’ ਦਾ ਸਵਾਗਤ ਕੀਤਾ ਹੈ ਅਤੇ ਸਾਰੇ ਸੰਸਦ ਮੈਂਬਰਾਂ ਨੂੰ ਸੰਸਦ ਦੇ ਅੰਦਰ ਕਿਸਾਨਾਂ ਦੀ ਆਵਾਜ ਬੁਲੰਦ ਕਰਕੇ ਕਾਲੇ ਖੇਤੀ ਕਾਨੂੰਨ ਵਾਪਸ ਕਰਾਉਣ ਲਈ ਬੇਨਤੀ ਵੀ ਕੀਤੀ ਹੈ।

ਚੀਮਾ ਨੇ ਅੱਗੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਵਿਚਲੀ ਕੇਜਰੀਵਾਲ ਸਰਕਾਰ ਨੇ ਅਦਾਲਤਾਂ ਵਿੱਚ ਚੱਲ ਰਹੇ ਕਿਸਾਨਾਂ ਦੇ ਕੇਸਾਂ ਵਿੱਚ ਆਪਣੇ ਵਕੀਲ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਜੋ ਅਦਾਲਤ ਵਿੱਚ ਕਿਸਾਨਾਂ ਦੇ ਹੱਕਾਂ ਦੀ ਆਵਾਜ ਬੁਲੰਦ ਕੀਤੀ ਜਾਵੇ।

ਉਨ੍ਹਾਂ ਕਿਹਾ ਇੱਕ ਸਰਵੇਖਣ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਇੱਕ ਖੇਤ ਮਜ਼ਦੂਰ ਪਰਿਵਾਰ ਦੇ ਸਿਰ 77,000 ਰੁਪਏ ਦਾ ਕਰਜ਼ਾ ਹੈ, ਪਰ ਕਾਂਗਰਸ ਸਰਕਾਰ ਨੇ ਇੱਕ ਖੇਤ ਮਜ਼ਦੂਰ ਪਰਿਵਾਰ ਦਾ ਕੇਵਲ 20,000 ਰੁਪਏ ਦਾ ਕਰਜ਼ਾ ਹੀ ਮੁਆਫ ਕੀਤਾ। ਇਸ ਤਰ੍ਹਾਂ ਮਜ਼ਦੂਰ ਪਰਿਵਾਰ ਦੇ ਸਿਰ ‘ਤੇ ਕਰੀਬ 57,000 ਰੁਪਏ ਦੇ ਕਰਜ਼ੇ ਦੀ ਤਲਵਾਰ ਲਟਕੀ ਰਹੇਗੀ। ਚੀਮਾ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ ਬਾਰੇ ਗੋਗਲੂਆਂ ਤੋਂ ਮਿੱਟੀ ਝਾੜਨ ਦਾ ਹੀ ਕੰਮ ਕੀਤਾ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਕਰਜ਼ਾ ਮੁਆਫੀ ਦੇ ਨਾਂ ‘ਤੇ 9500 ਕਰੋੜ ਰੁਪਏ ਕਰਜ਼ਾ ਲਿਆ ਹੈ, ਪਰ ਕਿਸਾਨਾਂ ਦਾ ਅੱਧਾ ਕਰਜ਼ਾ ਵੀ ਮੁਆਫ ਨਹੀਂ ਕੀਤਾ।

ਇਸ ਕਰਜਾ ਮੁਆਫੀ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਨਵਾਂ ਘੋਟਾਲਾ ਕਰਾਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕਰਜ਼ਾ ਮੁਆਫੀ ਦੇ ਨਾਂ ‘ਤੇ ਵੋਟਾਂ ਲੈ ਕੇ ਪਹਿਲਾਂ ਪੰਜਾਬ ਵਾਸੀਆਂ ਨੂੰ ਲੁੱਟਿਆ, ਫਿਰ 9500 ਕਰੋੜ ਦਾ ਕਰਜ਼ਾ ਪੰਜਾਬ ਸਿਰ ਹੋਰ ਚਾੜ ਦਿੱਤਾ ਅਤੇ ਸੂਬੇ ਦੀਆਂ ਮੰਡੀਆਂ ਵਿੱਚ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੰਡ ਵਿੱਚ ਇੱਕ ਇੱਕ ਫੀਸਦੀ ਵਾਧਾ ਕਰਕੇ ਮਹਿੰਗਾਈ ਨੂੰ ਵਧਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਮਾਫੀਆ ਰਾਜ ਰਾਹੀਂ ਪੰਜਾਬ ਨੂੰ ਲੁੱਟਣ ਦਾ ਹੀ ਕੰਮ ਕੀਤਾ ਅਤੇ ਪੰਜਾਬ ਦੇ ਖਜ਼ਾਨੇ ਨੂੰ ਕਰਜ਼ੇ ਵਿੱਚ ਡੋਬ ਦਿੱਤਾ ਹੈ। ਅਤੇ ਪੰਜਾਬ ਕਾਂਗਰਸ ਹੁਣ ਪ੍ਰਧਾਨਗੀ ਨੂੰ ਲੈ ਕੇ ਡਰਾਮਾ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।

MUST READ