ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਮੇਧ ਸਿੰਘ ਸੈਣੀ ਨੂੰ ਹਾਈ ਕੋਰਟ ਨੇ ਦਿੱਤੀ ਅਗਾਉ ਜ਼ਮਾਨਤ

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਵੱਡੀ ਰਾਹਤ ਦਿੰਦੇ ਹੋਏ ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ’ਚ ਉਨ੍ਹਾਂ ਖ਼ਿਲਾਫ਼ ਦਰਜ ਮਾਮਲੇ ’ਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਇਸ ਦੇ ਨਾਲ ਹੀ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਜੇਕਰ ਇਸ ਮਾਮਲੇ ’ਚ ਸਰਕਾਰ ਸੈਣੀ ਤੋਂ ਕੁਝ ਪੁੱਛਗਿੱਛ ਕਰਨੀ ਚਾਹੇ ਤਾਂ ਇਸ ਲਈ 7 ਦਿਨ ਪਹਿਲਾਂ ਸੈਣੀ ਨੂੰ ਨੋਟਿਸ ਦੇਣਾ ਪਵੇਗਾ। ਜਸਟਿਸ ਅਵਨੀਸ ਝਿੰਗਨ ਨੇ ਇਹ ਆਦੇਸ਼ ਸੈਣੀ ਵੱਲੋਂ ਇਸ ਮਾਮਲੇ ’ਚ ਦਰਜ ਐੱਫਆਈਆਰ ’ਚ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸੈਣੀ ਨੂੰ ਬਹਿਬਲ ਕਲਾਂ ਗੋਲ਼ੀ ਕਾਂਡ ਮਾਮਲੇ ’ਚ ਅਗਾਊਂ ਜ਼ਮਾਨਤ ਪਹਿਲਾਂ ਹੀ ਮਿਲ ਚੁੱਕੀ ਹੈ।


ਹੁਣ ਸੈਣੀ ਨੂੰ ਕੋਟਕਪੂਰਾ ’ਚ ਦਰਜ ਉਨ੍ਹਾਂ ਖ਼ਿਲਾਫ਼ ਮਾਮਲੇ ’ਚ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਇਹ ਮਾਮਲਾ ਫਰੀਦਕੋਟ ਦੀ ਟ੍ਰਾਇਲ ਕੋਰਟ ’ਚ ਚੱਲ ਰਿਹਾ ਹੈ। ਇਸ ਮਾਮਲੇ ’ਚ ਸੈਣੀ ਖ਼ਿਲਾਫ਼ ਚਲਾਨ ਵੀ ਪੇਸ਼ ਕੀਤਾ ਜਾ ਚੁੱਕਿਆ ਹੈ। ਸੈਣੀ ਨੇ ਪਹਿਲਾਂ ਇਸ ਮਾਮਲੇ ’ਚ ਟ੍ਰਾਇਲ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ, ਜਿਸ ਨੂੰ ਟ੍ਰਾਇਲ ਕੋਰਟ ਨੇ ਖਾਰਜ ਕਰ ਦਿੱਤਾ ਸੀ। ਅਗਾਊਂ ਜ਼ਮਾਨਤ ਪਟੀਸ਼ਨ ਟ੍ਰਾਇਲ ਕੋਰਟ ਤੋਂ ਖਾਰਜ ਹੋਣ ਤੋਂ ਬਾਅਦ ਸੈਣੀ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਸੀ। ਮਾਰਚ ਮਹੀਨੇ ’ਚ ਹੀ ਹਾਈ ਕੋਰਟ ਨੇ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਮੰਗਲਵਾਰ ਨੂੰ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

MUST READ