ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਕੱਲ੍ਹ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਪੀ.ਆਰ.ਟੀ.ਸੀ. ਚੰਡੀਗੜ੍ਹ ਡਿਪੂ ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਪੀ.ਆਰ.ਟੀ.ਸੀ ਚੰਡੀਗੜ੍ਹ ਡਿਪੂ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਬੱਸਾਂ ਵੀ ਸਵੇਰ ਤੋਂ ਬੰਦ ਹਨ।
ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਸੀਂ 15 ਦਿਨ ਪਹਿਲਾਂ ਮੈਨੇਜਮੈਂਟ ਨੂੰ ਨੋਟਿਸ ਦੇ ਕੇ ਆਪਣੀਆਂ ਮੰਗਾਂ ਮੰਨਵਾ ਚੁੱਕੇ ਹਾਂ ਪਰ ਅੱਜ ਤੱਕ ਕਮੇਟੀ ਵੱਲੋਂ ਸਾਡੇ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ। ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਡਿਪੂ ਦੇ ਜਨਰਲ ਮੈਨੇਜਰ ਵੱਲੋਂ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪੀ.ਆਰ.ਟੀ.ਸੀ., ਪਨਬਸ ਮੁਲਾਜ਼ਮ ਆਗੂ ਸਹਿਜਪਾਲ ਸਿੰਘ ਨੇ ਐਲਾਨ ਕੀਤਾ ਹੈ ਕਿ ਜੇਕਰ ਮੈਨੇਜਮੈਂਟ ਵੱਲੋਂ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਭਲਕੇ ਪਟਿਆਲਾ ਦੇ ਨਾਲ-ਨਾਲ ਪੰਜਾਬ ਦੇ ਹੋਰ ਡਿਪੂਆਂ ਵਿੱਚ ਵੀ ਬੱਸਾਂ ਦਾ ਚੱਕਾ ਜਾਮ ਕਰਾਂਗੇ।