ਡੀਜੀਪੀ ਨੇ ਸ਼ਾਂਤੀ ਬਣਾਈ ਰੱਖਣ ਲਈ ਢੁੱਕਵੇਂ ਕਦਮ ਚੁੱਕਣ ਲਈ ਕਿਹਾ
ਅੰਮਿ੍ਤਸਰ/ਬਿਊਰੋ ਨਿਊਜ਼ : ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ, ਪੁਲਿਸ ਦੀ ਮੌਜੂਦਗੀ ਦਰਸਾਉਣ ਅਤੇ ਰਾਤ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਡੀਜੀਪੀ ਨੇ ਪੁਲਿਸ ਅਧਿਕਾਰੀਆਂ ਨਾਲ ਕਾਨੂੰਨ ਅਤੇ ਵਿਵਸਥਾ ਸਮੀਖਿਆ ਸਬੰਧੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।
ਡੀਜੀਪੀ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸਾਰੀਆਂ ਮਹੱਤਵਪੂਰਨ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਾਰੇ ਸੀ.ਪੀ. ਅਤੇ ਐਸ.ਐਸ.ਪੀ. ਸ਼ੱਕੀ ਗਤੀਵਿਧੀਆਂ ਅਤੇ ਸ਼ੱਕੀ ਵਿਅਕਤੀਆਂ ’ਤੇ ਤਿੱਖੀ ਨਜ਼ਰ ਰੱਖਣ ਅਤੇ ਕਿਸੇ ਵੀ ਸੁਰੱਖਿਆ ਦੀ ਉਲੰਘਣਾ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੁਲਿਸ ਨਾਕਿਆਂ ਨੂੰ ਮਜ਼ਬੂਤ ਕਰਨ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਜਾਂਚ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।