ਫੱਗਣ ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥
ਵਿਆਖਿਆ :- (ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ, ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ, ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ। ਉਹਨਾਂ ਵਡ-ਭਾਗਣ ਜੀਵ – ਇਸਤ੍ਰੀਆਂ ਦੀ ਮਨੋ – ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ।12-02-25, ਅੰਗ:-136