ਧਨਾਸਰੀ ਮਹਲਾ ੧ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥
ਵਿਆਖਿਆ:- (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ। ੧।ਰਹਾਉ । 11-02-25, ਅੰਗ:-661