ਨਵਜੋਤ ਸਿੱਧੂ ਦਾ ਮੁੱਖ ਮੰਤਰੀ ਕੈਪਟਨ ਤੇ ਫਿਰ ਹਮਲਾ, ਕਿਹਾ 18 ਸੂਤਰੀ ਫਾਰਮੂਲਾ ਲਾਗੂ ਕੀਤਾ ਜਾਵੇ ਲਾਪਰਵਾਹੀ ਬਰਦਾਸ਼ਤ ਨਹੀਂ
ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਅੱਜ ਜਲੰਧਰ ਪਹੁੰਚੇ ਹਨ। ਇਸ ਮੋੱਕੇ ਵੱਡੀ ਗਿਣਤੀ ਚ ਵਰਕਰਾਂ ਅਤੇ ਸਮਰਥਕਾਂ ਨੇ ਉਹਨਾਂ ਦਾ ਜ਼ੋਰਦਾਰ ਸਵਾਗਤ ਕੀਤਾ । ਇਸ ਮੌਕੇ ਲੋਕਾਂ ਦਾ ਇਕੱਠ ਦੇਖਕੇ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਸੀ ਕਿ ਸਿੱਧੂ ਨੂੰ ਲੋਕਾਂ ਨੇ ਕਾਂਗਰਸ ਦਾ ਪੰਜਾਬ ਦਾ ਪ੍ਰਧਾਨ ਖਿੜੇ ਮੱਥੇ ਪ੍ਰਵਾਨ ਕਰ ਲਿਆ ਹੈ। ਇਸ ਮੌਕੇ ਆਪਣੇ ਧਮਾਕੇ ਦਾਰ ਅੰਦਾਜ ਚ ਬੋਲਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐੱਸਵਾਈਐਲ ਲਈ ਕੀਤੇ ਪਾਣੀਆਂ ਦੇ ਸਮਝੌਤੇ ਵਾਂਗ ਹੀ ਵਿਧਾਨ ਸਭਾ ਵਿਚ ਰੱਦ ਕਰਨ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀ ਖੇਤਰ ਦੇ ਅਧਿਕਾਰਾਂ ਉਪਰ ਡਾਕਾ ਮਾਰ ਕੇ ਬਣਾਏ ਗਏ ਕਿਸਾਨ ਤੇ ਮਜ਼ਦੂਰ ਵਿਰੋਧੀ ਕਾਨੂੰਨਾਂ ਦੀ ਥਾਂ ਕਿਸਾਨ ਤੇ ਮਜ਼ਦੂਰ ਪੱਖੀ ਖੇਤੀ ਕਾਨੂੰਨ ਲਿਆਂਦਾ ਜਾਵੇ।
ਜਲੰਧਰ ਦੇ ਕਾਂਗਰਸ ਭਵਨ ਵਿਚ ਪਾਰਟੀ ਦੇ ਸਾਰੇ ਵਿਧਾਇਕਾਂ, ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਦਾ ਜੋਸ਼ ਦੇਖਣ ਯੋਗ ਸੀ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਆਧਾਰਿਤ ਸੂਬਾ ਹੈ ਅਤੇ ਕਿਸਾਨਾਂ ਨੂੰ ਸਬਸਿਡੀ ਉਤੇ ਬਿਜਲੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਮਹਿੰਗੀ ਹੋਣ ਦਾ ਮੁੱਖ ਕਾਰਨ ਬਾਦਲ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀਆਂ ਨਾਲ ਥਰਮਲ ਪਲਾਂਟਾਂ (ਪੀਪੀਏ) ਸਬੰਧੀ ਕੀਤੇ ਗਏ ਸਮਝੌਤੇ ਹਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਹਨਾਂ ਸਮਝੌਤਿਆਂ ਨੂੰ ਰੱਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।