ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਕੀਤਾ ਗਿਆ ਸਵਾਗਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਦੋ ਨਵੇਂ ਚੋਣ ਕਮਿਸ਼ਨਰਾਂ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਧਿਆਨ ਰਹੇ ਕਿ ਲੰਘੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਚੋਣ ਕਮੇਟੀ ਵੱਲੋਂ ਸੁਖਬੀਰ ਸੰਧੂ ਅਤੇ ਗਿਆਨੇਸ਼ ਕੁਮਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਲੰਘੀ 9 ਮਾਰਚ ਚੋਣ ਕਮਿਸ਼ਨਰ ਅਰੁਣ ਗੋਇਲ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਕੇਰਲ ਸੂਬੇ ਨਾਲ ਸਬੰਧਤ ਗਿਆਨੇਸ਼ ਕੁਮਾਰ ਲੰਘੇ ਫਰਵਰੀ ਮਹੀਨੇ ਸਹਿਕਾਰਤਾ ਮੰਤਰਾਲੇ ’ਚੋਂ ਸਕੱਤਰ ਦੇ ਅਹੁਦੇ ਤੋਂ ਰਿਟਾਇਰ ਹੋਏ ਹਨ ਜਦਕਿ ਪੰਜਾਬ ਸੂਬੇ ਨਾਲ ਸਬੰਧਤ ਸੁਖਬੀਰ ਸਿੰਘ ਸੰਧੂ 31 ਜਨਵਰੀ 2024 ਨੂੰ ਉਤਰਾਖੰਡ ਸਰਕਾਰ ਦੇ ਮੁੱਖ ਸਕੱਤਰ ਦੇ ਅਹੁਦੇ ਤੋਂ ਰਿਟਾਇਰ ਹੋਏ ਹਨ। ਡਾ. ਸੰਧੂ ਨੇ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਤੋਂ ਐਮਬੀਬੀਐਸ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਹਿਸਟਰੀ ’ਚ ਮਾਸਟਰ ਡਿਗਰੀ ਅਤੇ ਲਾਅ ਦੀ ਡਿਗਰੀ ਹਾਸਲ ਕੀਤੀ। ਉਨ੍ਹਾਂ 2007 ਤੋਂ 2012 ਤੱਕ ਬਾਦਲ ਸਰਕਾਰ ਸਮੇਂ ਮੁੱਖ ਮੰਤਰੀ ਦੇ ਮੁੱਖ ਸਕੱਤਰ ਵਜੋਂ ਵੀ ਕੰਮ ਕੀਤਾ ਹੈ।