ਚੰਡੀਗੜ੍ਹ/ਬਿਊਰੋ ਨਿਊਜ਼ : ਡਰੱਗ ਤਸਕਰੀ ਨਾਲ ਜੁੜੇ ਮਾਮਲੇ ਵਿਚ ਪੰਜਾਬ ਪੁਲਿਸ ਵਲੋਂ ਗਠਿਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਨੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿਚ ਮਜੀਠੀਆ ਦੇ ਪੀਏ ਅਤੇ ਓਐਸਡੀ ਰਹਿ ਚੁੱਕੇ ਵਿਅਕਤੀ ਵੀ ਸ਼ਾਮਲ ਹਨ। ਇਨ੍ਹਾਂ ਵਿਅਕਤੀਆਂ ਨੂੰ 2 ਫਰਵਰੀ ਨੂੰ ਬਿਆਨ ਦੇਣ ਲਈ ਬੁਲਾਇਆ ਗਿਆ ਹੈ।
ਇਸ ਤੋਂ ਪਹਿਲਾਂ ਐਸਆਈਟੀ ਮਜੀਠੀਆ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ। ਨਾਲ ਹੀ ਮਜੀਠੀਆ ਨਾਲ ਸਬੰਧਤ ਰਿਕਾਰਡ ਵੀ ਤਲਬ ਕੀਤਾ ਗਿਆ ਹੈ। ਬਿਕਰਮ ਮਜੀਠੀਆ ਮਾਮਲੇ ਵਿਚ ਪੁਲਿਸ ਵਲੋਂ ਨਵੀਂ ਐਸਆਈਟੀ ਬਣਾਈ ਗਈ ਹੈ। ਹੁਣ ਐਸਆਈਟੀ ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀਆਈਜੀ ਐਚ.ਐਸ. ਭੁੱਲਰ ਨੂੰ ਦਿੱਤੀ ਗਈ ਹੈ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਰਿਟਾਇਰ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਸੀ।
ਡੀਆਈਜੀ ਭੁੱਲਰ ਤੋਂ ਇਲਾਵਾ ਇਸ ਐਸਆਈਟੀ ਵਿਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਅਤੇ ਕੁਝ ਹੋਰ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮਜੀਠੀਆ ਨੂੰ ਲੰਘੀ 15 ਜਨਵਰੀ ਨੂੰ ਬੁਲਾਇਆ ਗਿਆ ਸੀ ਅਤੇ ਉਨ੍ਹਾਂ ਕੋਲੋਂ ਐਸਆਈਟੀ ਨੇ ਕਈ ਘੰਟੇ ਪੁੱਛਗਿੱਛ ਕੀਤੀ ਸੀ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਵਿਚ ਜ਼ਮਾਨਤ ’ਤੇ ਚੱਲ ਰਹੇ ਹਨ ਅਤੇ ਉਨ੍ਹਾਂ ਵਲੋਂ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਜਾ ਰਿਹਾ ਹੈ।