ਪੰਜਾਬ ਮੰਤਰੀ ਮੰਡਲ ਨੇ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾਇਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਮੰਤਰੀ ਮੰਡਲ ਨੇ ਪੈਟਰੋਲ ਉੱਤੇ 61 ਪੈਸੇ ਅਤੇ ਡੀਜ਼ਲ ਉੱਤੇ 92 ਪੈਸੇ ਵੈਟ ਵਧਾ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਵਾਧੇ ਨਾਲ ਸੂਬਾ ਸਰਕਾਰ ਨੂੰ ਡੀਜ਼ਲ ਤੋਂ 392 ਕਰੋੜ ਰੁਪਏ ਅਤੇ ਪੈਟਰੋਲ ਤੋਂ 150 ਕਰੋੜ ਰੁਪਏ ਟੈਕਸ ਦਾ ਵਾਧਾ ਹੋਵੇਗਾ।
ਇਸੇ ਦੌਰਾਨ ਪੰਜਾਬ ਵਿਚ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ ਦਿੰਦਿਆਂ ਸੂਬਾ ਸਰਕਾਰ ਨੇ 7 ਕਿਲੋਵਾਟ ਤੱਕ ਲੋਡ ਵਾਲੇ ਬਿਜਲੀ ਖਪਤਕਾਰਾਂ ਨੂੰ ਮਿਲਦੀ 3 ਰੁਪਏ ਪ੍ਰਤੀ ਯੂਨਿਟ ਦੀ ਸਬਸਿਡੀ ਖਤਮ ਕਰਨ ਦਾ ਫੈਸਲਾ ਲਿਆ ਹੈ। ਉਧਰ ਦੂਜੇ ਪਾਸੇ ਪੰਜਾਬ ਦੀਆਂ ਹੋਰ ਸਿਆਸੀ ਪਾਰਟੀਆਂ ਵਲੋਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿਚ ਪੈਟਰੋਲ ਅਤੇ ਡੀਜ਼ਲ ’ਤੇ ਵਧਾਏ ਵੈਟ ਅਤੇ ਹੋਰ ਫੈਸਲਿਆਂ ਨੂੰ ਲੈ ਕੇ ਸਰਕਾਰ ਦੀ ਆਲੋਚਨਾ ਕੀਤੀ ਜਾ ਰਹੀ ਹੈ।