ਉਲੰਪਿਕ ’ਚ ਵਿਨੇਸ਼ ਫੋਗਾਟ ਨੂੰ ਆਯੋਗ ਕਰਾਰ ਦਿੱਤੇ ਜਾਣ ਦੀ ਕੀਤੀ ਤਿੱਖੀ ਆਲੋਚਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੈਰਿਸ ’ਚ ਹੋ ਰਹੀਆਂ ਉਲੰਪਿਕ ਖੇਡਾਂ ਦੌਰਾਨ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ 100 ਗਰਾਮ ਭਾਰ ਜ਼ਿਆਦਾ ਹੋਣ ਕਾਰਨ ਇਤਿਹਾਸ ਰਚਣ ਵਾਲੇ ਫਾਈਨਲ ਮੁਕਾਬਲੇ ਤੋਂ ਆਯੋਗ ਕਰਾਰ ਦਿੱਤਾ ਗਿਆ ਸੀ। ਇਸ ਕਾਰਨ ਭਾਰਤ ਇਕ ਤਮਗੇ ਤੋਂ ਵਾਂਝਾ ਰਹਿ ਗਿਆ। ਇਸ ਘਟੀਆ ਫੈਸਲੇ ਕਾਰਨ ਵਿਨੇਸ਼ ਫੋਗਾਟ ਦਾ ਹੌਸਲਾ ਟੁੱਟ ਗਿਆ ਅਤੇ ਉਸਨੇ ਕੁਸ਼ਤੀ ਖੇਡ ਤੋਂ ਸੰਨਿਆਸ ਲੈਣ ਦਾ ਐਲਾਨ ਵੀ ਕਰ ਦਿੱਤਾ। ਇਸਦੇ ਨਾਲ ਹੀ ਹਰ ਭਾਰਤੀ ਦੇ ਦਿਲ ਨੂੰ ਵੀ ਠੇਸ ਪਹੁੰਚੀ ਹੈ।
ਇਸੇ ਦੌਰਾਨ Principal ਸਰਵਣ ਸਿੰਘ ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਅਯੋਗ ਕਰਾਰ ਦਿੱਤੇ ਜਾਣ ਵਾਲੇ ਮਾਮਲੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਹਿਲਵਾਨ ਨੂੰ ਘਿਨੌਣੀ ਸਾਜਿਸ਼ ਦਾ ਸ਼ਿਕਾਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਵਿਨੇਸ਼ ਫੋਗਾਟ ਨੂੰ ਇਸ ਵੇਲੇ ਸਭ ਤੋਂ ਵੱਧ ਆਪਣੇ ਲੋਕਾਂ ਦੇ ਪਿਆਰ ਅਤੇ ਆਸ਼ੀਰਵਾਦ ਦੀ ਜ਼ਰੂਰਤ ਹੈ। ਇਸੇ ਦੌਰਾਨ Principal ਸਰਵਣ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਆਪਣੀਆਂ ਉਮਰ ਭਰ ਦੀਆਂ ਪ੍ਰਾਪਤੀਆਂ ਲਈ ਮਿਲੇ ਸਵਾ ਦੋ ਤੋਲੇ ਸੋਨੇ ਦੇ ਤਮਗੇ ਨੂੰ ਵਿਨੇਸ਼ ਫੋਗਾਟ ਦੀ ਝੋਲੀ ਪਾਉਣਗੇ। ਧਿਆਨ ਰਹੇ ਕਿ ਲੇਖਕ Principal ਸਰਵਣ ਸਿੰਘ ਨੂੰ 5 ਮਾਰਚ 2023 ਨੂੰ ਪੰਜਾਬੀ ਖੇਡ ਪ੍ਰਮੋਟਰਾਂ ਵਲੋਂ ‘ਖੇਡ ਰਤਨ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਸੀ।