10 ਸਾਲ ਭਾਰਤ ਤੇ ਪ੍ਰਧਾਨ ਮੰਤਰੀ ਰਹੇ ਹਨ ਡਾ. ਮਨਮੋਹਨ ਸਿੰਘ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਯਾਦਗਾਰ ਬਣਾਉਣ ਲਈ ਜ਼ਮੀਨ ਅਲਾਟ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਨੇ ਯਾਦਗਾਰ ਦੇ ਲਈ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਕੁਝ ਥਾਵਾਂ ਦਾ ਸੁਝਾਅ ਦਿੱਤਾ ਹੈ। ਪਰਿਵਾਰ ਵਲੋਂ ਜਗ੍ਹਾ ਦੀ ਚੋਣ ਹੋ ਜਾਣ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਸ਼ੁਰੂ ਹੋ ਜਾਏਗੀ।
ਸੂਤਰਾਂ ਦੇ ਮੁਤਾਬਕ ਗਾਂਧੀ-ਨਹਿਰੂ ਪਰਿਵਾਰ ਦੀਆਂ ਸਮਾਧੀਆਂ ਦੇ ਨਜ਼ਦੀਕ ਹੀ ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਏ ਜਾਣ ਦੀ ਸੰਭਾਵਨਾ ਹੈ। ਇਸ ਯਾਦਗਾਰ ਲਈ ਡੇਢ ਏਕੜ ਜ਼ਮੀਨ ਦਿੱਤੀ ਜਾ ਸਕਦੀ ਹੈ। ਇਸਦੇ ਲਈ ਸ਼ਹਿਰੀ ਵਿਕਾਸ ਮੰਤਰਾਲੇ ਦੇ ਅਧਿਕਾਰੀਆਂ ਨੇ ਰਾਜਘਾਟ ਅਤੇ ਉਸਦੇ ਨੇੜਲੇ ਖੇਤਰ ਦਾ ਦੌਰਾ ਵੀ ਕੀਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਜ਼ਮੀਨ ਕਿਸੇ ਟਰੱਸਟ ਨੂੰ ਹੀ ਅਲਾਟ ਕੀਤੀ ਜਾ ਸਕਦੀ ਹੈ। ਇਸ ਕਰਕੇ ਪਹਿਲਾਂ ਟਰੱਸਟ ਦਾ ਗਠਨ ਕਰਨਾ ਪਵੇਗਾ ਅਤੇ ਫਿਰ ਜ਼ਮੀਨ ਦੀ ਅਲਾਟਮੈਂਟ ਟਰੱਸਟ ਹੀ ਕਰੇਗਾ।