ਪੰਚਾਇਤਾਂ ਭੰਗ ਕਰਨ ਦੇ ਮਾਮਲੇ ’ਚ ਘਿਰੀ ਪੰਜਾਬ ਸਰਕਾਰ; ਭਲਕੇ 31 ਅਗਸਤ ਨੂੰ ਹਾਈਕੋਰਟ ’ਚ ਹੋਵੇਗੀ ਸੁਣਵਾਈ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਮਾਮਲੇ ਵਿਚ ਭਗਵੰਤ ਮਾਨ ਸਰਕਾਰ ਸਵਾਲਾਂ ਦੇ ਘੇਰੇ ਵਿਚ ਹੈ। ਇਸਦੇ ਚੱਲਦਿਆਂ ਲੰਘੇ ਕੱਲ੍ਹ ਮੰਗਲਵਾਰ ਨੂੰ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ, ਪਰ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਹਾਈਕੋਰਟ ਵਿਚ ਆਪਣਾ ਜਵਾਬ ਦਾਇਰ ਨਹੀਂ ਕਰ ਸਕੀ। ਹਾਈਕੋਰਟ ਨੇ ਮਾਮਲੇ ਦੀ ਅਗਾਮੀ ਸੁਣਵਾਈ ਲਈ ਹੁਣ ਭਲਕੇ 31 ਅਗਸਤ ਦੀ ਤਰੀਕ ਨਿਰਧਾਰਤ ਕੀਤੀ ਹੈ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਲੰਘੀ 10 ਅਗਸਤ ਨੂੰ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਭੰਗ ਕਰਨ ਦੇ ਸਬੰਧ ਵਿਚ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਨਾਲ ਹੀ ਇਸ ਫੈਸਲੇ ਨੂੰ ਲੋਕ ਹਿੱਤ ਵਿਚ ਦੱਸਿਆ ਗਿਆ ਸੀ। ਪਰ ਪਟਿਆਲਾ ਅਤੇ ਹੋਰ ਜ਼ਿਲ੍ਹਿਆਂ ਦੀਆਂ ਗਰਾਮ ਪੰਚਾਇਤਾਂ ਵਲੋਂ ਦਾਇਰ ਪਟੀਸ਼ਨ ਵਿਚ ਸੂਬਾ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਨੂੰ ਗੈਰਕਾਨੂੰਨੀ ਦੱਸਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਜਾਰੀ ਆਦੇਸ਼ਾਂ ਦੇ ਅਨੁਸਾਰ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਕੇ ਹੁਣ ਪ੍ਰਬੰਧਕ ਲਗਾਏ ਗਏ ਹਨ। ਪੰਜਾਬ ਵਿਚ 13 ਹਜ਼ਾਰ ਤੋਂ ਜ਼ਿਆਦਾ ਪੰਚਾਇਤਾਂ ਹਨ, ਜਿਨ੍ਹਾਂ ਲਈ ਹੁਣ ਸਰਕਾਰ ਵਲੋਂ ਚੋਣਾਂ ਕਰਵਾਈਆਂ ਜਾਣਗੀਆਂ। ਮਿਲੀ ਜਾਣਕਾਰੀ ਦੇ ਅਨੁਸਾਰ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ 25 ਨਵੰਬਰ ਨੂੰ ਕਰਵਾਈਆਂ ਜਾ ਸਕਦੀਆਂ ਹਨ, ਜਦਕਿ ਗਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਤੋਂ ਪਹਿਲਾਂ ਕਰਵਾਈਆਂ ਜਾ ਸਕਦੀਆਂ ਹਨ। ਪਰ ਪੰਜਾਬ ਸਰਕਾਰ ਵਲੋਂ ਅਜੇ ਇਸ ਸਬੰਧੀ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ। 

MUST READ