ਪੰਜਾਬ ਸਰਕਾਰ ਦਾ ਵੱਡਾ ਐਲਾਨ, ਕਾਸ਼ਤਕਾਰਾਂ ਨੂੰ ਦਿੱਤਾ ਜ਼ਮੀਨ ਦਾ ਮਾਲਿਕਾਨਾ ਹੱਕ
ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ, ਦਰਮਿਆਨੇ ਅਤੇ ਛੋਟੇ ਕਿਸਾਨਾਂ ਦੀ ਭਲਾਈ ਲਈ ‘ਦਿ ਪੰਜਾਬ ਅਲਾਟਮੈਂਟ ਆਫ਼ ਸਟੇਟ ਗਵਰਨਮੈਂਟ ਲੈਂਡ ਐਕਟ, 2021’ ਨੂੰ ਲਾਗੂ ਕੀਤਾ ਗਿਆ ਹੈ, ਜਿਸ ਅਨੁਸਾਰ ਅਜਿਹੇ ਕਿਸਾਨ ਜ਼ਮੀਨ ਦੀ ਅਲਾਟਮੈਂਟ ਲਈ ਅਰਜ਼ੀ ਦੇ ਸਕਦੇ ਹਨ। ਬਿਨੈ-ਪੱਤਰ ਨਾਲ ਕਬਜ਼ੇ ਅਤੇ ਜ਼ਮੀਨ ਦੀ ਕਾਸ਼ਤ ਸਬੰਧੀ ਕਬਜ਼ਾ ਦਰਸਾਉਂਦੀਆਂ ਮਾਲ ਰਿਕਾਰਡ ਦੀਆਂ ਕਾਪੀਆਂ ਸਮੇਤ 100 ਰੁਪਏ ਦੀ ਲੋੜੀਂਦੀ ਫ਼ੀਸ ਅਦਾ ਕਰ ਕੇ ਸਬੰਧਤ ਐੱਸਡੀਐੱਮ ਨੂੰ ਜਮ੍ਹਾਂ ਕਰਵਾਈ ਜਾ ਸਕਦੀ ਹੈ।
ਵਧੀਕ ਮੁੱਖ ਸਕੱਤਰ ਮਾਲ, ਪੰਜਾਬ ਰਵਨੀਤ ਕੌਰ ਨੇ ਦੱਸਿਆ ਕਿ ਪਹਿਲੀ ਜਨਵਰੀ, 2020 ਤੱਕ 10 ਸਾਲ ਜਾਂ ਇਸ ਤੋਂ ਵੱਧ ਸਮੇਂ ਲਈ ਸਰਕਾਰੀ ਜ਼ਮੀਨ ‘ਤੇ ਕਾਸ਼ਤ ਕਰਨ ਅਤੇ ਕਬਜ਼ਾ ਰੱਖਣ ਵਾਲੇ ਬੇਜ਼ਮੀਨੇ, ਸੀਮਾਂਤ ਜਾਂ ਛੋਟੇ ਕਿਸਾਨ ਸਰਕਾਰੀ ਜ਼ਮੀਨ ਦੀ ਅਲਾਟਮੈਂਟ ਲਈ ਯੋਗ ਹੋਣਗੇ।
ਜ਼ਮੀਨ ਦੀ ਅਲਾਟਮੈਂਟ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲ ਬਿਨੈ ਕਰਨਾ ਜ਼ਰੂਰੀ ਹੋਵੇਗਾ। ਯੋਗ ਬਿਨੈਕਾਰ ਨੂੰ ਐਕਟ ਵਿੱਚ ਨਿਰਧਾਰਤ ਭੁਗਤਾਨ ਮਗਰੋਂ ਜ਼ਮੀਨ ਅਲਾਟ ਕਰ ਦਿੱਤੀ ਜਾਵੇਗੀ। ਬਿਨੈਕਾਰ ਅਧਿਕਾਰਤ ਵੈੱਬਸਾਈਟ https://revenue. punjab.gov.in ਤੋਂ ਵਧੇਰੇ ਜਾਣਕਾਰੀ ਹਾਸਲ ਕਰ ਸਕਦੇ ਹਨ।