ਪੰਜਾਬ ਸਰਕਾਰ ਵੱਲੋਂ ਰੈਡ ਨੋਟਿਸ ਵਾਪਸ ਲੈਣ ਦਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ

ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਤੇ ਕਿਸਾਨਾਂ ਦੀ ਸਰਕਾਰ ਹੈ ਅਤੇ ਸਾਡੀ ਸਰਕਾਰ ਸਾਰੇ ਫੈਸਲੇ ਲੋਕ ਹਿੱਤ ‘ਚ ਹੀ ਕਰਦੀ ਆ ਰਹੀ ਹੈ ਤੇ ਭਵਿੱਖ ‘ਚ ਵੀ ਕਰਦੀ ਰਹੇਗੀ।” ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਦਾ ਨੁਕਸਾਨ ਨਹੀਂ ਹੋਣ ਦੇਵੇਗੀ।ਸ. ਧਾਲੀਵਾਲ ਨੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਜਾਰੀ ਰੈੱਡ ਨੋਟਿਸ ਮਾਮਲੇ (red notice case) ਨੂੰ ਵਾਪਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਕੇਂਦਰੀ ਅਦਾਰੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੀਆਂ ਹਦਾਇਤਾਂ ‘ਤੇ 4 ਅਕਤੂਬਰ, 2022 ਨੂੰ ਜਾਰੀ ਕੀਤੇ ਪੱਤਰ ਵਿੱਚ ਪਰਾਲੀ (ਪੈਡੀ ਸਟੱਬਲ) ਸਾੜਨ ਦੇ ਮਾਮਲੇ ‘ਚ ਸਬੰਧਤ ਜ਼ਮੀਨ ਦੇ ਮਾਲ ਰਿਕਾਰਡ ਦੇ ਖਸਰਾ ਨੰਬਰ ਵਿਰੁੱਧ ਲਾਲ ਇੰਦਰਾਜ ਕਰਨ ਆਦਿ ਹੁਕਮਾਂ ਨੂੰ ਵਾਪਸ ਲੈ ਲਿਆ ਗਿਆ ਹੈ।ਇਸ ਸਬੰਧੀ ਸਬੰਧਤ ਸਮੂਹ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸ. ਧਾਲੀਵਾਲ ਨੇ ਦੱਸਿਆ ਕਿ ਜ਼ਮੀਨਾਂ ਦੇ ਰਿਕਾਰਡ ‘ਚ ਲਾਲ ਇੰਦਰਾਜ਼ ਹੋਣਾ ਸੂਬੇ ਦੇ ਕਿਸਾਨਾਂ ਦੇ ਹਿੱਤ ‘ਚ ਨਹੀਂ। ਉਨ੍ਹਾਂ ਕਿਹਾ ਕਿ ਲਾਲ ਇੰਦਰਾਜ਼ ਹੋਣ ਨਾਲ ਕਿਸਾਨਾਂ ਨੇ ਲੋਨ, ਸਰਕਾਰੀ ਸਹੂਲਤਾਂ ਤੇ ਸਬਸਿਡੀਆਂ ਆਦਿ ਲੈਣ ਤੋਂ ਵਾਂਝੇ ਹੋ ਜਾਣਾ ਸੀ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਬਦਲਵੇਂ ਢੰਗ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜੋਕੇ ਦੌਰ ਵਿੱਚ ਪਰਾਲੀ ਜਾਂ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਮਗਰੋਂ ਹੋਣ ਵਾਲੇ ਨੁਕਸਾਨ ਤੋਂ ਬਚਣ ਦੇ ਉਪਾਵਾਂ ਦੇ ਸਨਮੁੱਖ ਬਿਹਤਰ ਢੰਗ ਅਪਣਾਉਣ ਦੀਆਂ ਕੋਸ਼ਿਸ਼ਾਂ ‘ਚ ਸਰਕਾਰ ਦਾ ਸਾਥ ਦੇਣਾ ਅਤੀ ਜ਼ਰੂਰੀ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ‘ਚ ਵਾਤਾਵਰਣ ਦਾ ਪ੍ਰਦੂਸ਼ਤ ਹੋਣਾ ਵੱਡੀ ਆਲਮੀ ਸਮੱਸਿਆ ਹੈ ਅਤੇ ਇਸ ਸਬੰਧੀ ਲਾਜ਼ਮੀ ਤੌਰ ‘ਤੇ ਕਦਮ ਚੁੱਕਣ ਦੀ ਜ਼ਰੂਰਤ ਹੈ। ਕੈਬਨਿਟ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਦੇ ਬਦਲਵੇਂ ਢੰਗਾਂ ਬਾਰੇ ਗੱਲ ਕਰਦਿਆਂ ਅੱਗੇ ਕਿਹਾ ਕਿ ਭਾਰਤੀ ਖੇਤੀ ਖੋਜ ਸੰਸਥਾ ਨੇ ਪੂਸਾ ਨਾਮਕ ਬਾਇਓ-ਐਨਜ਼ਾਈਮ ਦੇ ਰੂਪ ਵਿੱਚ ਪਰਾਲੀ ਸਾੜਨ ਲਈ ਇੱਕ ਰੈਡੀਕਲ ਹੱਲ ਤਿਆਰ ਕੀਤਾ ਹੈ।ਉਨ੍ਹਾਂ ਕਿਹਾ ਕਿ ਜਦੋਂ ਛਿੜਕਾਅ ਕੀਤਾ ਜਾਂਦਾ ਹੈ, ਤਾਂ ਇਹ ਐਨਜ਼ਾਈਮ 20-25 ਦਿਨਾਂ ਵਿੱਚ ਪਰਾਲੀ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਇਸਨੂੰ ਖਾਦ ਵਿੱਚ ਬਦਲਦਾ ਹੈ, ਜਿਸ ਨਾਲ ਮਿੱਟੀ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਵੀ ਹੁੰਦਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪਰਾਲੀ ਸਾੜਨ ਦੀ ਚਲੀ ਆ ਰਹੀ ਪ੍ਰਥਾ, ਜਿਸ ਵਿੱਚ ਅਗਲੀ ਫਸਲ ਬੀਜਣ ਤੋਂ ਪਹਿਲਾਂ ਖੇਤਾਂ ਨੂੰ ਸਾਫ਼ ਕਰਨ ਲਈ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ, ਨੂੰ ਬਦਲਵੇਂ ਢੰਗ ਅਪਣਾਉਂਦਿਆਂ ਖਤਮ ਕਰਨਾ ਸਮੇਂ ਦੀ ਜ਼ਰੂਰਤ ਹੈ।

MUST READ