ਭਾਰਤ ਦੀ ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ : ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ’ਚ ਫਹਿਰਾਇਆ ਤਿਰੰਗਾ

ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 74ਵੇਂ ਗਣਤੰਤਰ ਦਿਵਸ ਮੌਕੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਤਿਰੰਗਾ ਫਹਿਰਾਇਆ। ਇਸੇ ਦੌਰਾਨ ਉਨ੍ਹਾਂ ਨੇ ਪਰੇਡ ਦਾ ਮੁਆਇਨਾ ਕਰਨ ਤੋਂ ਬਾਅਦ ਸਲਾਮੀ ਲਈ। ਇਸ ਮੌਕੇ ਭਗਵੰਤ ਮਾਨ ਨੇ ਸੰਬੋਧਨ ਕਰਦੇ ਹੋਏ ਦਿੱਲੀ ਵਿਚ ਗਣਤੰਤਰ ਦਿਵਸ ਦੇ ਸਮਾਗਮਾਂ ਵਿਚ ਪੰਜਾਬ ਦੀ ਝਾਕੀ ਨੂੰ ਨਾ ਸ਼ਾਮਲ ਕਰਨ ’ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਆਲੋਚਨਾ ਕੀਤੀ।

ਭਗਵੰਤ ਮਾਨ ਨੇ ਕਿਹਾ ਕਿ ਜੇਕਰ ਆਜ਼ਾਦੀ ਘੁਲਾਟੀਆਂ ਨੇ ਕੁਰਬਾਨੀਆਂ ਨਾ ਦਿੱਤੀਆਂ ਹੁੰਦੀਆਂ ਤਾਂ ਅੱਜ ਭਾਰਤ ਦੇਸ਼ ਗੁਲਾਮ ਹੁੰਦਾ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਸੀਐਮ ਮਾਨ ਨੇ ਕਿਹਾ ਕਿ ਅੱਜ ਵੀ ਦੇਸ਼ ਦੀ ਸਰਹੱਦ ’ਤੇ ਪੰਜਾਬੀ ਪਹਿਲੇ ਮੋਰਚਿਆਂ ’ਤੇ ਖੜ੍ਹੇ ਹਨ। ਇਸੇ ਕਾਰਨ ਹੀ ਪੰਜਾਬ ਕੁਰਬਾਨੀਆਂ ਅਤੇ ਦੇਸ਼ ਦੀ ਆਜ਼ਾਦੀ ਦੇ ਇਨਕਲਾਬ ਲਈ ਜਾਣਿਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਤਮ ਨਿਰਭਰ ਬਣਾਉਣ ਲਈ ਵੀ ਪੰਜਾਬ ਹੀ ਅੱਗੇ ਆਇਆ। ਆਜ਼ਾਦੀ ਦੀ ਜੰਗ ਦੇ ਦੌਰਾਨ ਅਨੇਕਾਂ ਪੰਜਾਬੀਆਂ ਨੇ ਦੇਸ਼ ਲਈ ਆਪਣੀ ਜਵਾਨੀ ਦਾ ਤਿਆਗ ਕੀਤਾ। ਭਗਵੰਤ ਮਾਨ ਨੇ ਭਗਤ ਸਿੰਘ ਦੀ ਕੁਰਬਾਨੀ ਦਾ ਉਦਾਹਰਣ ਦਿੰਦੇ ਹੋਏ ਕਿਹਾ ਕਿ ਆਦਮੀ ਵੱਡਾ ਸਾਲਾਂ ਨਾਲ ਨਹੀਂ, ਆਦਮੀ ਵੱਡਾ ਖਿਆਲਾਂ ਨਾਲ ਹੁੰਦਾ ਹੈ। 

MUST READ