ਕਿਹਾ : ਚੋਣ ਲੜਨ ਵਾਲੇ ਇੱਛੁਕ ਉਮੀਦਵਾਰਾਂ ਨੂੰ ਨਹੀਂ ਦਿੱਤੀ ਜਾ ਰਹੀ ਐਨਓਸੀ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਸੂਬਾ ਸਰਕਾਰ ’ਤੇ ਧੱਕੇਸ਼ਾਹੀ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਮਨਮਾਨੇ ਤਰੀਕੇ ਨਾਲ ਪੰਚਾਇਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਉਨ੍ਹਾਂ ਪਿੰਡਾਂ ਨੂੰ ਰਾਖਵਾਂ ਕਰ ਦਿੱਤਾ ਗਿਆ ਹੈ, ਜਿਹੜੇ ਪਿਛਲੇ 15 ਸਾਲਾਂ ਤੋਂ ਜਨਰਲ ਸਨ। ਇਸੇ ਤਰ੍ਹਾਂ ਉਮੀਦਵਾਰਾਂ ਨੂੰ ਐਨ.ਓ.ਸੀ. ਨਹੀਂ ਜਾਰੀ ਕੀਤੀ ਜਾ ਰਹੀ ਅਤੇ ਹਲਫ਼ਨਾਮਾ ਭਰਨ ਲਈ ਕਿਹਾ ਜਾ ਰਿਹਾ ਹੈ, ਤਾਂ ਜੋ ਬਾਅਦ ਵਿਚ ਉਸ ਦੇ ਆਧਾਰ ’ਤੇ ਨਾਮਜ਼ਦਗੀ ਰੱਦ ਕੀਤੀ ਜਾ ਸਕੇ।
ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੁਝ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੀ ਪੱਖਪਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ’ਤੇ ਅਜਿਹੇ ਲੋਕਾਂ ਨੂੰ ਆਪਣੀਆਂ ਗਲਤੀਆਂ ਦਾ ਹਰਜਾਨਾ ਭੁਗਤਣਾ ਪਵੇਗਾ। ਉਧਰ ਪੰਚਾਇਤੀ ਚੋਣਾਂ ਦੇ ਮਾਮਲੇ ਨੂੰ ਲੈ ਕੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ’ਚ ਕਾਂਗਰਸੀ ਵਫ਼ਦ ਨੇ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਪੰਚਾਇਤੀ ਚੋਣਾਂ ਨਾਲ ਜੁੜੇ ਮਸਲੇ ਚੋਣ ਕਮਿਸ਼ਨ ਅੱਗੇ ਰੱਖੇ।