ਭਾਜਪਾ ਨੇ ਰਵਨੀਤ ਬਿੱਟੂ ਨੂੰ ਰਾਜਸਥਾਨ ਤੋਂ ਉਮੀਦਵਾਰ ਐਲਾਨਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਭਾਰਤੀ ਜਨਤਾ ਪਾਰਟੀ ਨੇ ਰਾਜਸਥਾਨ ਤੋਂ ਰਾਜ ਸਭਾ ਵਿਚ ਭੇਜਣ ਦਾ ਫੈਸਲਾ ਕੀਤਾ ਹੈ। ਭਾਜਪਾ ਹਾਈਕਮਾਨ ਦੀ ਹੋਈ ਮੀਟਿੰਗ ਵਿਚ ਬਿੱਟੂ ਦੇ ਨਾਮ ’ਤੇ ਮੋਹਰ ਵੀ ਲਗਾ ਦਿੱਤੀ ਗਈ ਹੈ। ਭਾਜਪਾ ਨੇ ਅਗਾਮੀ ਰਾਜ ਸਭਾ ਦੀਆਂ ਜ਼ਿਮਨੀ ਚੋਣਾਂ ਲਈ 9 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਦੱਸਣਯੋਗ ਹੈ ਕਿ 9 ਸੂਬਿਆਂ ਵਿਚ ਖਾਲੀ ਹੋਈਆਂ 12 ਰਾਜ ਸਭਾ ਸੀਟਾਂ ਲਈ ਚੋਣਾਂ 3 ਸਤੰਬਰ ਨੂੰ ਹੋਣੀਆਂ ਹਨ।
ਇਸੇ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਭਾਜਪਾ ਵਲੋਂ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਉਮੀਦਵਾਰ ਬਣਾਉਣ ਲਈ ਪਾਰਟੀ ਹਾਈਕਮਾਨ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਪ੍ਰਧਾਨ ਜੇਪੀ ਨੱਢਾ ਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ ਰਾਜਸਥਾਨ ਤੋਂ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ।
ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਪਹਿਲਾਂ ਕਾਂਗਰਸ ਪਾਰਟੀ ਵਲੋਂ 3 ਵਾਰ ਸੰਸਦ ਮੈਂਬਰ ਬਣੇ ਸਨ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਰਵਨੀਤ ਬਿੱਟੂ ਨੂੰ ਲੁਧਿਆਣਾ ਤੋਂ ਲੋਕ ਸਭਾ ਦੀ ਟਿਕਟ ਦਿੱਤੀ ਸੀ, ਪਰ ਉਹ ਚੋਣ ਹਾਰ ਗਏ ਸਨ। ਇਸਦੇ ਬਾਵਜੂਦ ਵੀ ਭਾਜਪਾ ਨੇ ਰਵਨੀਤ ਸਿੰਘ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਦੇ ਦਿੱਤਾ ਸੀ। ਇਸੇ ਕਰਕੇ ਹੀ ਹੁਣ ਭਾਜਪਾ ਰਵਨੀਤ ਬਿੱਟੂ ਨੂੰ ਰਾਜ ਸਭਾ ਵਿਚ ਭੇਜ ਰਹੀ ਹੈ।