ਆਲੂ ਉਬਾਲਦੇ ਸਮੇਂ ਪੈਰ ਫਿਸਲਣ ਕਾਰਨ ਵਾਪਰਿਆ ਹਾਦਸਾ
ਅੰਮਿ੍ਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ’ਚ ਲੰਗਰ ਦੀ ਸੇਵਾ ਕਰਦੇ ਸਮੇਂ ਉਬਲਦੇ ਹੋਏ ਆਲੂਆਂ ਵਾਲੀ ਕੜਾਹੀ ਵਿਚ ਇਕ ਸੇਵਾਦਾਰ ਡਿੱਗ ਗਿਆ। ਆਸ-ਪਾਸ ਸੇਵਾ ਕਰ ਰਹੇ ਸੇਵਾਦਾਰਾਂ ਵੱਲੋਂ ਉਸ ਨੂੰ ਤੁਰੰਤ ਕੜਾਹੀ ਤੋਂ ਬਾਹਰ ਕੱਢਿਆ ਅਤੇ ਉਸ ਨੂੰ ਇਲਾਜ ਲਈ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਡਾਕਟਰਾਂ ਅਨੁਸਾਰ ਉਨ੍ਹਾਂ ਦਾ ਸਰੀਰ 70 ਪ੍ਰਤੀਸ਼ਤ ਜਲ ਚੁੱਕਿਆ ਹੈ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਸੇਵਾਦਾਰ ਗੁਰਦਾਸਪੁਰ ਦੇ ਧਾਲੀਵਾਲ ਦਾ ਰਹਿਣ ਵਾਲਾ ਬਲਵੀਰ ਸਿੰਘ ਅਤੇ ਇਹ ਪਿਛਲੇ ਦਸ ਸਾਲਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਲਈ ਆ ਰਿਹਾ ਹੈ। ਲੰਗਰ ਹਾਲ ’ਚ ਆਲੂ ਉਬਾਲਣ ਦੀ ਸੇਵਾ ਚੱਲ ਰਹੀ ਸੀ ਅਤੇ ਇਸੇ ਦੌਰਾਨ ਬਲਬੀਰ ਸਿੰਘ ਵੀ ਆਲੂ ਉਬਾਲ ਰਿਹਾ ਸੀ ਅਤੇ ਅਚਾਨਕ ਪੈਰ ਫਿਸਲਣ ਕਾਰਨ ਉਹ ਕੜਾਹੀ ਵਿਚ ਡਿੱਗ ਗਿਆ। ਉਨ੍ਹਾਂ ਦਾ ਹਾਲ ਜਾਨਣ ਲਈ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਸਪਤਾਲ ਪਹੁੰਚੇ। ਉਨ੍ਹਾਂ ਕਿਹਾ ਕਿ ਸੇਵਾਦਾਰ ਬਲਬੀਰ ਸਿੰਘ ਦੇ ਇਲਾਜ ਦਾ ਪੂਰਾ ਖਰਚਾ ਸ਼ੋ੍ਰਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।