ਪੰਜਾਬ ਦੇ ਹਾਕੀ ਖਿਡਾਰੀਆਂ ਨੂੰ 1 ਕਰੋੜ ਅਤੇ ਓਲੰਪਿਕ ਚ ਹਿੱਸਾ ਲੈਣ ਵਾਲਿਆਂ ਨੂੰ 5 ਲੱਖ ਦਵੇਗੀ ਸ਼ਿਰੋਮਣੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕ ‘ਚ ਭਾਰਤੀ ਹਾਕੀ ਟੀਮ ਨੂੰ ਮਿਲੀ ਸ਼ਾਨਦਾਰ ਜਿੱਤ ‘ਤੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੇਸ਼ ਲਈ ਕਾਂਸੀ ਦਾ ਤਮਗਾ ਜਿੱਤਣ ਅਤੇ ਖੇਡਾਂ ‘ਚ ਨਾਮ ਰੌਸ਼ਨ ਕਰਨ ਵਾਲੇ ਹਾਕੀ ਖਿਡਾਰੀਆਂ ਨੂੰ ਸ਼੍ਰੋਮਣੀ ਕਮੇਟੀ ਇਕ ਕਰੋੜ ਰੁਪਏ ਦਾ ਇਨਾਮ ਦੇਵੇਗੀ ਅਤੇ ਪੰਜਾਬ ਵੱਲੋਂ ਓਲੰਪਿਕ ਖੇਡਾਂ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਵੀ ਪੰਜ-ਪੰਜ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।


ਉਨ੍ਹਾਂ ਆਸ ਪ੍ਰਗਟਾਈ ਕਿ ਭਾਰਤੀ ਹਾਕੀ ਦੀ ਮਹਿਲਾ ਟੀਮ ਵੀ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਸ਼ੋ੍ਰ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮਾਤਾ ਨਾਨਕੀ ਨਿਵਾਸ ਅਤੇ ਮੁਲਾਜ਼ਮਾਂ ਦੇ ਰਿਹਾਇਸ਼ੀ ਕੁਆਟਰਾਂ ਦਾ ਉਦਘਾਟਨ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਨੁਸਾਰ ਖਿਡਾਰੀਆਂ ਨੂੰ ਬਰਾਬਰ ਦਾ ਸਨਮਾਨ ਅਤੇ ਇਨਾਮ ਦਿੱਤਾ ਜਾਵੇਗਾ ਅਤੇ ਕਿਸੇ ਨਾਲ ਵੀ ਵਿਤਕਰੇਬਾਜ਼ੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਖੇਡਾਂ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਟੋਕੀਓ ਓਲੰਪਿਕ ਵਿਚ ਖਿਡਾਰੀਆਂ ਵੱਲੋਂ ਕੀਤੇ ਜਾ ਰਹੇ ਸ਼ਾਨਦਾਰ ਪ੍ਰਦਰਸ਼ਨ ਨਾਲ ਅੱਜ ਖਿਡਾਰੀਆਂ ‘ਤੇ ਪੂਰਾ ਮਾਣ ਅਤੇ ਫਖ਼ਰ ਮਹਿਸੂਸ ਹੋ ਰਿਹਾ ਹੈ, ਜਿਨ੍ਹਾਂ ਵੱਲੋਂ ਦੇਸ਼ ਦਾ ਨਾਮ ਉਚਾ ਕਰਨ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।


ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਖੇਡਾਂ ਦੇ ਖੇਤਰ ਵਿਚ ਖਾਲਸਾਨੀ ਖੇਡਾਂ ਦੌਰਾਨ ਹਾਕੀ ਅਤੇ ਕਬੱਡੀ ਰਾਹੀਂ ਅਜਿਹੇ ਖਿਡਾਰੀ ਤਿਆਰ ਕੀਤੇ ਜਾ ਰਹੇ, ਜੋ ਭਵਿੱਖ ਵਿਚ ਪੰਜਾਬ ਅਤੇ ਦੇਸ਼ ਲਈ ਖੇਡਦੇ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਜਲਦ ਹੀ ਅੰਡਰ-17 ਖੇਡਾਂ ਕਰਵਾਉਣ ਜਾ ਰਹੀ ਹੈ, ਜਿਸ ਵਿਚ ਹਾਕੀ, ਬਾਸਕਟਬਾਲ ਅਤੇ ਐਥਲੈਟਿਕਸ ਦੇ ਖਿਡਾਰੀ ਆਪਣੀ ਖੇਡ ਦਾ ਪ੍ਰਦਰਸ਼ਨ ਕਰਨਗੇ। ਇਕ ਸਵਾਲ ਦੇ ਜਵਾਬ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਆਈਏਐਸ, ਪੀਸੀਐਸ ਅਤੇ ਆਈਪੀਸੀਐਸ ਦੇ ਪੜ੍ਹਾਈ ਲਈ ਸ਼ੋ੍ਰਮਣੀ ਕਮੇਟੀ ਜਲਦ ਲਈ ਅਕੈਡਮੀਆਂ ਵੀ ਖੋਲ੍ਹਣ ਜਾ ਰਹੀ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਸੰਗਤਾਂ ਦੀ ਸਹੂਲਤ ਲਈ ਮਾਤਾ ਨਾਨਕੀ ਨਿਵਾਸ ਅਤੇ ਮੁਲਾਜ਼ਮਾਂ ਦੇ ਰਿਹਾਇਸ਼ੀ ਕੁਆਟਰ ਬਣਾਉਣ ਦਾ ਐਲਾਨ ਕੀਤਾ ਸੀ ਅਤੇ ਸ਼ੋ੍ਰਮਣੀ ਕਮੇਟੀ ਵੱਲੋਂ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਇਹ ਸੇਵਾ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਮਾਤਾ ਨਾਨਕੀ ਨਿਵਾਸ ਦੇ ਤਿੰਨ ਮੰਜ਼ਿਲਾਂ ਬਲਾਕ ਵਿਚ 45 ਕਮਰੇ, 3 ਹਾਲ ਅਤੇ ਬੇਸਮੈਂਟ ਵਿਚ ਕਾਰ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ, ਜਿਸ ਵਿਚ ਦੋ ਲਿਫਟਾਂ ਦੀ ਸਹੂਲਤ ਵੀ ਉਪਲਬੱਧ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਬੰਧ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਸਹੂਲਤ ਲਈ 16 ਰਿਹਾਇਸ਼ੀ ਕੁਆਰਟਰ ਬਣਾਏ ਗਏ ਹਨ।


ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸਾਬਕਾ ਚੇਅਰਮੈਨ ਇੰਦਰ ਮੋਹਨ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਨਿੱਜੀ ਸਹਾਇਕ ਡਾ. ਸੁਖਬੀਰ ਸਿੰਘ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਸਾਬਕਾ ਮੈਂਬਰ ਬੀਬੀ ਕਮਲੇਸ਼ ਕੌਰ, ਗੁਰਦੀਪ ਸਿੰਘ ਸ਼ੇਖੂਪੁਰਾ, ਕਰਮਜੀਤ ਸਿੰਘ ਭਗੜਾਣਾ, ਜੋਗਿੰਦਰ ਸਿੰਘ ਪੰਛੀ, ਮਨਪ੍ਰੀਤ ਸਿੰਘ ਮਨੀ ਭੰਗੂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਟਾਫ ਆਦਿ ਹਾਜ਼ਰ ਸਨ।

MUST READ