ਅੰਮਿ੍ਤਪਾਲ ਸਿੰਘ ਦੇ ਸਾਥੀਆਂ ਦਾ ਪੁਲਿਸ ਨੂੰ ਚਾਰ ਦਿਨਾਂ ਦਾ ਮਿਲਿਆ ਰਿਮਾਂਡ
ਚੰਡੀਗੜ੍ਹ/ਬਿਊਰੋ ਨਿਊਜ਼ : ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਹਟਾਏ ਜਾਣ ਮਗਰੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵਾਪਸ ਪੰਜਾਬ ਲਿਆਂਦੇ ਗਏ ਅੰਮਿ੍ਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਪੁਲਿਸ ਨੇ ਉਨ੍ਹਾਂ ਦਾ ਚਾਰ ਦਿਨਾ ਰਿਮਾਂਡ ਹਾਸਲ ਕਰ ਲਿਆ ਹੈ।
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਦੇ ਸਾਥੀਆਂ ਨੂੰ ਹੁਣ 25 ਮਾਰਚ ਨੂੰ ਮੁੜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਉਂਝ ਪੁਲਿਸ ਨੇ ਸੱਤ ਦਿਨਾ ਰਿਮਾਂਡ ਦੀ ਮੰਗ ਕੀਤੀ ਸੀ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦੇ ਗਏ ਇਨ੍ਹਾਂ ਵਿਅਕਤੀਆਂ ਖਿਲਾਫ 23 ਫਰਵਰੀ 2023 ਨੂੰ ਅਜਨਾਲਾ ਪੁਲਿਸ ਸਟੇਸ਼ਨ ’ਤੇ ਹਮਲੇ ਦੇ ਆਰੋਪ ਵਿਚ ਕੇਸ ਦਰਜ ਕੀਤਾ ਗਿਆ ਸੀ। ਸੰਸਦ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ।