ਬਿਊਰੋ ਨਿਊਜ਼: (ਅੰਮ੍ਰਿਤਸਰ) ਪੰਜਾਬ ਦੇ ਅੰਮ੍ਰਿਤਸਰ ਵਿੱਚ ਸੋਮਵਾਰ (28 ਅਕਤੂਬਰ) ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਨਵੇਂ ਪ੍ਰਧਾਨ ਦੀ ਚੋਣ ਕਰ ਲਈ ਗਈ ਹੈ। ਬਾਗੀ ਧੜੇ ਤੋਂ ਬੀਬੀ ਜਗੀਰ ਕੌਰ ਨੂੰ ਸਿਰਫ਼ 33 ਵੋਟਾਂ ਮਿਲੀਆਂ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਗਏ ਹਨ। ਕੁੱਲ 141 ਵੋਟਾਂ ਪਈਆਂ। ਚੌਥੀ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ 107 ਵੋਟਾਂ ਲੈ ਕੇ ਇਕਤਰਫਾ ਜਿੱਤ ਗਏ ਹਨ।
ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ 11 ਕਾਰਜਕਾਰਨੀ ਮੈਂਬਰ ਵੀ ਬਣਾਏ ਗਏ ਹਨ, ਜਿਨ੍ਹਾਂ ਵਿੱਚ ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ, ਸੁਰਜੀਤ ਸਿੰਘ, ਪਰਮਜੀਤ ਸਿੰਘ ਖਾਲਸਾ, ਸਰਦਾਰ ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕੈਮਪੁਰ, ਦਲਜੀਤ ਸਿੰਘ ਭਿੰਡਰ, ਸੁਖਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖਾਲਸਾ, ਜਸਵੰਤ ਸਿੰਘ ਅਤੇ ਸ. ਪਰਮਜੀਤ ਸਿੰਘ ਰਾਏਪੁਰ ਸ਼ਾਮਲ ਹਨ।