ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਉੱਪਰ ਵੱਡੇ ਸ਼ਬਦੀ ਹਮਲੇ ਕੀਤੇ ਹਨ। ਚੋਣ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਉਸ ਸਾਜ਼ਿਸ਼ ਨੂੰ ਸਮਝਣ ਜਿਸ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁਲਾਂਕਣ ਕਰਨ ਕਿ ਆਖਰ ਅੰਮ੍ਰਿਤਪਾਲ ਕੌਣ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਪਹਿਲਾਂ ਇਹ ਸਟੈਂਡ ਲਿਆ ਸੀ ਕਿ ਉਹ ਰਾਜਨੀਤੀ ਵਿੱਚ ਨਹੀਂ ਆਉਣਾ ਚਾਹੁੰਦਾ ਤੇ ਸਿਰਫ ‘ਅੰਮ੍ਰਿਤ ਪ੍ਰਚਾਰ’ ਹੀ ਕਰਨਾ ਚਾਹੁੰਦਾ ਹੈ ਤੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਨੇ ਆਪ ਗ੍ਰਿਫਤਾਰੀਆਂ ਦਿੱਤੀਆਂ ਤੇ ਕਦੇ ਵੀ ਆਪਣਾ ਸਰੂਪ ਨਹੀਂ ਬਦਲਿਆ ਤੇ ਲੁਕ ਕੇ ਨਹੀਂ ਰਹੇ ਜਦੋਂਕਿ ਅੰਮ੍ਰਿਤਪਾਲ ਸਿੰਘ ਫੜੇ ਜਾਣ ਦੇ ਡਰੋਂ ਲੁਕਦਾ ਰਿਹਾ। ਸੁਖਬੀਰ ਬਾਦਲ ਨੇ ਕਿਹਾ ਕਿ ਅੰਮ੍ਰਿਤ ਪਾਲ ਸਿਰਫ ਇਸ ਲਈ ਚੋਣ ਲੜ ਰਿਹਾ ਹੈ ਤਾਂ ਕਿ ਉਹ ਜੇਲ ਤੋਂ ਰਿਹਾ ਹੋ ਸਕੇ।


