ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੇਨਤੀ ਪੱਤਰ ਦੇਣ ਪਹੁੰਚੇ ਸਨ ਸੁਖਬੀਰ ਬਾਦਲ
ਅੰਮਿ੍ਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤੇ ਗਏ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਬੇਨਤੀ ਪੱਤਰ ਦੇਣ ਪਹੁੰਚੇ ਸਨ। ਇਸ ਦੌਰਾਨ ਸੁਖਬੀਰ ਬਾਦਲ ਦੀ ਲੱਤ ’ਤੇ ਅਚਾਨਕ ਸੱਟ ਲੱਗ ਗਈ ਅਤੇ ਉਨ੍ਹਾਂ ਨੂੰ ਮੈਡੀਕਲ ਕਾਲਜ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਸੁਖਬੀਰ ਬਾਦਲ ਦੀ ਲੱਤ ’ਤੇ ਪਲੱਸਤਰ ਲਗਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਕੁਝ ਦਿਨ ਬੈਡ ਰੈਸਟ ਕਰਨ ਲਈ ਕਿਹਾ ਹੈ।
ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਮੱਥਾ ਵੀ ਟੇਕਿਆ। ਇਸੇ ਦੌਰਾਨ ਸੁਖਬੀਰ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਅਰਜ਼ੀ ਸੌਂਪੀ ਗਈ ਤੇ ਉਨ੍ਹਾਂ ਨੇ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤੇ ਗਏ ਢਾਈ ਮਹੀਨੇ ਦਾ ਸਮਾਂ ਬੀਤ ਗਿਆ ਹੈ ਪਰ ਅਜੇ ਤੱਕ ਕੋਈ ਤਨਖ਼ਾਹ ਨਹੀਂ ਲਗਾਈ ਗਈ। ਸੁਖਬੀਰ ਬਾਦਲ ਨੇ ਸਿੰਘ ਸਹਿਬਾਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਸੰਬੰਧੀ ਜਲਦ ਫੈਸਲਾ ਲਿਆ ਜਾਵੇ।