ਸੰਨੀ ਦਿਓਲ ਲੋਕ ਸਭਾ ਚੋਣਾਂ ਨਹੀਂ ਲੜਨਗੇ; ਸੁਨੀਲ ਜਾਖੜ ਵੀ ਚੋਣ ਲੜਨ ਤੋਂ ਕਰ ਚੁੱਕੇ ਹਨ ਕਿਨਾਰਾ

ਚੰਡੀਗੜ੍ਹ/ਬਿਊਰੋ ਨਿਊਜ਼ : ਫਿਲਮ ‘ਗਦਰ-2’ ਦੀ ਸਫਲਤਾ ਤੋਂ ਬਾਅਦ ਫਿਲਮ ਅਦਾਕਾਰ ਸੰਨੀ ਦਿਓਲ ਚਰਚਾ ਵਿਚ ਹਨ। ਦੂਜੇ ਪਾਸੇ ਬੈਂਕ ਆਫ ਬੜੌਦਾ ਨੇ ਸੰਨੀ ਦਿਓਲ ਦੀ ਕੋਠੀ ਦੀ ਨਿਲਾਮੀ ਦਾ ਨੋਟਿਸ ਵਾਪਸ ਲੈ ਲਿਆ ਹੈ। ਬੈਂਕ ਨੇ ਇਸ ਪਿੱੱਛੇ ਤਕਨੀਕੀ ਕਾਰਨ ਦੱਸਿਆ ਹੈ। ਪਰ ਫਿਰ ਵੀ ਵਿਰੋਧੀ ਧਿਰ ਵਲੋਂ ਸਰਕਾਰ ’ਤੇ ਸਵਾਲ ਚੁੱਕੇ ਜਾ ਰਹੇ ਹਨ। ਇਸ ਸਭ ਦੇ ਚੱਲਦਿਆਂ ਸੰਨੀ ਦਿਓਲ ਨੇ ਵੱਡਾ ਐਲਾਨ ਕੀਤਾ ਹੈ। ਸੰਨੀ ਦਿਓਲ ਨੇ ਕਿਹਾ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ।

ਧਿਆਨ ਰਹੇ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਨੀ ਦਿਓਲ ਗੁਰਦਾਸਪੁਰ ਤੋਂ ਭਾਜਪਾ ਦੀ ਟਿਕਟ ’ਤੇ ਲੋਕ ਸਭਾ ਦੀ ਚੋਣ ਜਿੱਤੇ ਸਨ। ਇਸਦੇ ਚੱਲਦਿਆਂ ਸੰਨੀ ਦਿਓਲ ਦਾ ਕਹਿਣਾ ਹੈ ਕਿ ਉਹ ਇਕ ਅਦਾਕਾਰ ਵਜੋਂ ਦੇਸ਼ ਦੀ ਸੇਵਾ ਕਰਨੀ ਚਾਹੁੰਦੇ ਹਨ ਅਤੇ ਇਕੋ ਸਮੇਂ ਕਈ ਕੰਮ ਕਰਨਾ ਅਸੰਭਵ ਹੈ। ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਜਾਖੜ ਨੇ ਕਿਹਾ ਸੀ ਕਿ ਉਹ ਲੋਕ ਸਭਾ ਦੀ ਚੋਣ ਨਹੀਂ ਲੜਨਗੇ, ਪਰ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਧਿਆਨ ਰਹੇ ਕਿ ਸੁਨੀਲ ਜਾਖੜ ਪਿਛਲੇ ਸਮੇਂ ਦੌਰਾਨ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਭਾਜਪਾ ਨੇ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਸੀ।  

MUST READ