ਤਰੁਣ ਚੁੱਘ ਨੇ 6 ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਮਨਪ੍ਰੀਤ ਬਾਦਲ ਦੇ ਅਸਤੀਫੇ ਦੀ ਕੀਤੀ ਮੰਗ
ਪੰਜਾਬੀ ਡੈਸਕ:– ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਸਰਕਾਰੀ ਕਰਮਚਾਰੀਆਂ ਦੀ ਸਹਿਮਤੀ ਤੋਂ ਬਿਨਾਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਸਵੀਕਾਰ ਕਰਨ ਅਤੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ ‘ਤੇ ਜਾਣ ਲਈ ਉਕਸਾਉਣ ਲਈ ਕੈਪਟਨ ਸਰਕਾਰ ਦੀ ਨਿੰਦਾ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਰਾਜ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ, ਉਹ ਸਰਕਾਰੀ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੀ ਸਮੀਖਿਆ ਕਰਨ ਵਿੱਚ ਅਸਫਲ ਰਹੇ ਹਨ।

ਇਸ ਸਮੀਖਿਆ ‘ਚ ਨਾ ਤਾਂ ਕਰਮਚਾਰੀਆਂ ਨੂੰ ਪੁੱਛਿਆ ਗਿਆ ਹੈ ਅਤੇ ਨਾ ਹੀ ਉਨ੍ਹਾਂ ਦੀ ਸਲਾਹ ਸਵੀਕਾਰ ਕੀਤੀ ਗਈ ਹੈ। ਭਾਜਪਾ ਨੇਤਾ ਚੁੱਘ ਨੇ ਅੱਗੇ ਕਿਹਾ ਕਿ, ਰਾਜ ਸਰਕਾਰ ਨੂੰ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਸੁਣਨ ਲਈ ਵਿਚਾਰ-ਵਟਾਂਦਰੇ ਕਰਨੇ ਚਾਹੀਦੇ ਸਨ। ਉਨ੍ਹਾਂ ਕਿਹਾ ਪਰ ਅਜਿਹਾ ਲੱਗਦਾ ਹੈ ਕਿ, ਮੁਲਾਜ਼ਮਾਂ ਨੂੰ ਰਾਹਤ ਦੇਣ ਦੀ ਬਜਾਏ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਰਾਜਸੀ ਫਾਇਦਿਆਂ ਲਈ ਝੂਠੀ ਸਾਜਿਸ਼ ਰਚ ਰਹੇ ਹਨ। ਤਰੁਣ ਚੁੱਘ ਨੇ ਕੈਪਟਨ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ, ਪੰਜਾਬ ਦੇ ਸ਼ਾਸਨਕ੍ਰਮ ਨੂੰ ਵੇਖਦਿਆਂ ਅਜਿਹਾ ਲਗਦਾ ਹੈ ਕਿ ਚਾਰੇ ਪਾਸੇ ਸੋਗ ਦਾ ਮਾਹੌਲ ਹੈ।

ਜੇਕਰ ਰਾਜ ਵਿੱਚ ਸ਼ਰਾਬ ਮਾਫੀਆ, ਰੇਤ ਮਾਫੀਆ ਅਤੇ ਟਰਾਂਸਪੋਰਟ ਮਾਫੀਆ ਚੱਲ ਰਹੇ ਹਨ ਤਾਂ ਸਰਕਾਰੀ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਤੋਂ ਬਹੁਤੀ ਉਮੀਦ ਨਹੀਂ ਕਰਨੀ ਚਾਹੀਦੀ ਸੀ। ਚੁੱਘ ਨੇ ਕਿਹਾ ਕਿ, ਜੇ ਭਾਜਪਾ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਕਰਮਚਾਰੀਆਂ ਦੀਆਂ ਮੰਗਾਂ ਅਨੁਸਾਰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰੇਗੀ। ਅਮਰਿੰਦਰ ਸਰਕਾਰ ਦਾ ਰਵੱਈਆ ਕੋਰੋਨਾ ਵਰਗੇ ਮਹਾਂਮਾਰੀ ਦੇ ਸਮੇਂ ਡਾਕਟਰਾਂ ਦੀਆਂ ਮੰਗਾਂ ਪ੍ਰਤੀ ਬਹੁਤ ਸੰਵੇਦਨਸ਼ੀਲ ਸੀ। ਰਾਜ ਸਰਕਾਰ ਨੂੰ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਤੋਂ ਪਹਿਲਾਂ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਸਰਕਾਰੀ ਕਰਮਚਾਰੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਸੀ।