ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਭਾਰੀ ਹੰਗਾਮਾ, ਵਿਦਿਆਰਥੀਆਂ ਨੇ ਪ੍ਰੋਫੈਸਰ ਨੂੰ ਘੇਰ ਕੀਤੀ ਕੁੱਟਮਾਰ
ਪਟਿਆਲਾ: ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਭਾਰੀ ਹੰਗਾਮਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇੱਥੇ ਬੀ.ਏ. ਬਠਿੰਡਾ ਦੀ ਰਹਿਣ ਵਾਲੀ 18 ਸਾਲਾ ਜਸ਼ਨਪ੍ਰੀਤ ਕੌਰ ਜੋ ਕਿ ਬੀ.ਐਸ.ਸੀ ਦੀ ਪੜ੍ਹਾਈ ਕਰ ਰਹੀ ਸੀ, ਦੀ ਮੌਤ ਹੋ ਗਈ। ਇਲਜ਼ਾਮ ਲਾਏ ਜਾ ਰਹੇ ਹਨ ਕਿ ਜਸ਼ਨਪ੍ਰੀਤ ਕੌਰ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਬਹੁਤ ਖ਼ਰਾਬ ਸੀ ਅਤੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਇਸ ਤੋਂ ਬਾਅਦ ਵੀ ਯੂਨੀਵਰਸਿਟੀ ਦੇ ਪ੍ਰੋਫੈਸਰ ਨੇ ਉਸ ਨੂੰ ਛੁੱਟੀ ਨਹੀਂ ਦਿੱਤੀ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ।
ਇਸ ਕਾਰਨ ਲੜਕੀ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ। ਗੁੱਸੇ ‘ਚ ਆਏ ਵਿਦਿਆਰਥੀਆਂ ਨੇ ਪ੍ਰੋਫੈਸਰ ਨੂੰ ਘੇਰ ਲਿਆ ਅਤੇ ਕੁੱਟਮਾਰ ਕੀਤੀ। ਵਿਦਿਆਰਥੀਆਂ ਵੱਲੋਂ ਵੀ.ਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਯੂਨੀਵਰਸਿਟੀ ਦਾ ਮਾਹੌਲ ਇੰਨਾ ਤਣਾਅਪੂਰਨ ਹੋ ਗਿਆ ਕਿ ਵੱਡੀ ਗਿਣਤੀ ਵਿੱਚ ਪੁਲੀਸ ਤਾਇਨਾਤ ਕਰ ਦਿੱਤੀ ਗਈ।