ਭਗਵੰਤ ਮਾਨ ਸਰਕਾਰ ਨੇ ਕੀਤਾ ਪੰਜਾਬ ’ਚ ਸਭ ਤੋਂ ਵੱਡਾ ਬਿਜਲੀ ਸਮਝੌਤਾ
ਸਮਝੌਤੇ ਰਾਹੀਂ ਮੁੱਖ ਮੰਤਰੀ ਨੇ 431 ਕਰੋੜ ਰੁਪਏ ਬਚਾਉਣ ਦਾ ਕੀਤਾ ਦਾਅਵਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਪੀਐਸਪੀਸੀਐਲ ਵੱਲੋਂ ਕੀਤੇ ਗਏ ਸੋਲਰ ਪਾਵਰ ਪਰਚੇਜ ਬਿਜਲੀ ਸਮਝੌਤੇ ਦੀ ਜਾਣਕਾਰੀ ਦਿੱਤੀ। ਉਨ੍ਹਾਂ 1200 ਮੈਗਾਵਾਟ ਸੋਲਰ ਪਾਵਰ ਦੇ ਇਸ ਖਰੀਦ ਸਮਝੌਤੇ ਨੂੰ ਸਭ ਤੋਂ ਵੱਡਾ ਸੌਦਾ ਦੱਸਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਦੇ ਅਧੀਨ ਬੀਬੀਐਮਬੀ ਦੀ ਕੰਪਨੀ ਗ੍ਰੀਨ ਐਨਰਜੀ ਲਿਮਟਿਡ ਨਾਲ 2 ਰੁਪਏ 53 ਪੈਸੇ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਇਕ ਹਜ਼ਾਰ ਮੈਗਾਵਾਟ ਦਾ ਐਗਰੀਮੈਂਟ ਕੀਤਾ ਗਿਆ ਹੈ। ਇਸ ਐਗਰੀਮੈਂਟ ਨਾਲ 431 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ ਪਾਵਰਕਾਮ ਨੂੰ ਹਰ ਸਾਲ 1700 ਕਰੋੜ ਰੁਪਏ ਦੀ ਬੱਚਤ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਕੰਪਨੀ ਵੱਲੋਂ ਹੁਸ਼ਿਆਰਪੁਰ ਦੀਆਂ 200 ਯੂਨਿਟਾਂ ਲਈ 2 ਰੁਪਏ 75 ਪੈਸੇ ਪ੍ਰਤੀ ਯੂਨਿਟ ਦੀ ਪੇਸ਼ਕਸ਼ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ 1000 ਮੈਗਾਵਾਟ ਦੇ ਸੂਰਜੀ ਊਰਜਾ ਪਲਾਂਟ ’ਤੇ ਇਕ ਪੈਸੇ ਦੀ ਬਚਤ ਕਰਕੇ 25 ਸਾਲਾਂ ’ਚ 64 ਕਰੋੜ 60 ਲੱਖ ਰੁਪਏ ਦੀ ਰਕਮ ਬਣਦੀ ਹੈ। ਜੇਕਰ ਸੂਬਾ ਸਰਕਾਰ ਛੇ ਪੈਸੇ ਘਟਾ ਦੇਵੇ ਤਾਂ 25 ਸਾਲਾਂ ਵਿਚ 387 ਕਰੋੜ ਰੁਪਏ ਦੀ ਬਚਤ ਹੋਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਤੌਰ ’ਤੇ 50 ਪੈਸੇ ਪ੍ਰਤੀ ਯੂਨਿਟ ਬਿਜਲੀ ਟਰਾਂਸਮਿਸ਼ਨ ਚਾਰਜ ਵਜੋਂ ਵਸੂਲੀ ਜਾਂਦੀ ਹੈ ਪ੍ਰੰਤੂ ਭਾਰਤ ਸਰਕਾਰ ਦੀ ਯੋਜਨਾ ਅਨੁਸਾਰ ਜੇਕਰ ਮਾਰਚ 2025 ਤੋਂ ਪਹਿਲਾਂ ਇਹ ਸਮਝੌਤਾ ਹੋ ਜਾਂਦਾ ਹੈ ਤਾਂ ਟਰਾਂਸਮਿਸ਼ਨ ਚਾਰਜ ਨਹੀਂ ਲਗਾਇਆ ਜਾਵੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਨੂੰ ਮਾਰਚ 2025 ਤੋਂ ਪਹਿਲਾਂ ਹੀ ਚਾਲੂ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਵਿਰੋਧੀਆਂ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਗੁਪਤ ਸਮਝੌਤੇ ਕੀਤੇ ਜਾਂਦੇ ਸਨ, ਜਿਨ੍ਹਾਂ ਦਾ ਖਮਿਆਜ਼ਾ ਅੱਜ ਸਾਨੂੰ ਭੁਗਤਣਾ ਪੈ ਰਿਹਾ ਹੈ।