ਭਾਜਪਾ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਫੈਸਲਾ ਠੀਕ ਨਹੀਂ ਹੈ : ਗਿਆਨੀ ਹਰਪ੍ਰੀਤ ਸਿੰਘ
ਅੰਮਿ੍ਤਸਰ/ਬਿਊਰੋ ਨਿਊਜ਼ : ਦਮਦਮੀ ਟਕਸਾਲ ਵੱਲੋਂ ਮਹਾਰਾਸ਼ਟਰ ’ਚ ਚੋਣਾਂ ਦੌਰਾਨ ਭਾਜਪਾ ਨੂੰ ਸਮਰਥਨ ਦੇਣ ਦਾ ਮੁੱਦਾ ਭਖ ਗਿਆ ਹੈ। ਇਸ ਮਾਮਲੇ ’ਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਭਾਜਪਾ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਫੈਸਲਾ ਠੀਕ ਨਹੀਂ ਹੈ ਅਤੇ ਬਿਨਾਂ ਸ਼ਰਤ ਸਮਰਥਨ ਨਹੀਂ ਸੀ ਦਿੱਤਾ ਜਾਣਾ ਚਾਹੀਦਾ।
ਉਨ੍ਹਾਂ ਆਖਿਆ ਕਿ ਸਿੱਖ ਮਾਮਲਿਆਂ ’ਚ ਸਰਕਾਰਾਂ ਲਗਾਤਾਰ ਸਿੱਖਾਂ ਨੂੰ ਨਜ਼ਰਅੰਦਾਜ਼ ਕਰ ਰਹੀਆਂ ਹਨ ਅਤੇ ਐਲਾਨ ਦੇ ਬਾਵਜੂਦ ਵੀ ਬੰਦੀ ਸਿੱਖਾਂ ਦੀ ਰਿਹਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਚੰਡੀਗੜ੍ਹ ਦੇ ਮਾਮਲੇ ’ਚ ਵੀ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਭਾਜਪਾ ਨੂੰ ਬਿਨਾਂ ਸ਼ਰਤ ਹੀ ਸਮਰਥਨ ਦਿੱਤਾ ਗਿਆ ਸੀ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਖਿਆ ਕਿ ਭਾਜਪਾ ਸਰਕਾਰ ਨੇ ਹੁਣ ਤੱਕ ਸਿੱਖਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ।