24 ਜੂਨ ਨੂੰ ਲੁਧਿਆਣਾ ਵਿੱਚ ਫੂਕਿਆ ਜਾਵੇਗਾ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ, ਜਾਣੋ ਵਜ੍ਹਾ

24 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਲੁਧਿਆਣਾ ਵਿਖੇ ਪੁਤਲਾ ਫੂਕਿਆ ਜਾਵੇਗਾ। ਸਮਾਲ ਸਕੇਲ ਮੈਨੂਫੈਕਚਰਰਜ਼ ਐਸੋਸੀਏਸ਼ਨ ਨੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਦੱਸਿਆ ਕਿ ਪਾਵਰਕੌਮ ਨੇ ਇੰਡਸਟਰੀ ਤੋਂ 45 ਦਿਨਾਂ ਦਾ ਐਡਵਾਂਸ ਬਿੱਲ ਮੰਗਿਆ ਹੈ ਇਸ ਦੇ ਨਾਲ ਹੀ ਇਹ ਹੁਕਮ ਵੀ ਜਾਰੀ ਕੀਤਾ ਗਿਆ ਕਿ ਜੇਕਰ 15 ਦਿਨਾਂ ਦੇ ਅੰਦਰ ਪੈਸੇ ਜਮ੍ਹਾ ਨਾ ਕਰਵਾਏ ਤਾਂ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ।ਐਸੋਸੀਏਸ਼ਨ ਦੇ ਪ੍ਰਧਾਨ ਠੁਕਰਾਲ ਨੇ ਕਿਹਾ ਕਿ ਇਸ ਫੈਸਲੇ ਕਾਰਨ ਇੰਡਸਟਰੀ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉਦਯੋਗ ਆਪਣੇ ਆਪ ਨੂੰ ਸੰਕਟ ਵਿੱਚ ਮਹਿਸੂਸ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਪੈਰਵੀ ਕਰਦਿਆਂ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਜਿਤਾਇਆ ਹੈ ਪਰ ਨਵੀਂ ਬਣੀ ਸਰਕਾਰ ਉਦਯੋਗ ਵਿਰੋਧੀ ਫੈਸਲੇ ਲੈ ਰਹੀ ਹੈ। ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਠੁਕਰਾਲ ਨੇ ਸਰਕਾਰ ਅਤੇ ਪਾਵਰਕੌਮ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਵਿੱਚ ਇਹ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਉਹ 24 ਜੂਨ ਨੂੰ ਜਨਤਾ ਨਗਰ ਡਵੀਜ਼ਨ ਵਿੱਚ ਧਰਨਾ ਦੇ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਫੈਸਲਾ ਵਾਪਸ ਨਹੀਂ ਲਿਆ ਜਾਂਦਾ, ਸੰਘਰਸ਼ ਜਾਰੀ ਰਹੇਗਾ।

MUST READ