ਵਡਹੰਸੁ ਮਹਲਾ ੩ ॥ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥ ੧ ॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇਸਤਗੁਰ ਵਿਟਹੁ ਸਦਾ ਬਲਿਹਾਰੀ ॥ ੧ ॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥
ਵਿਆਖਿਆ :-(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।੧। ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੧। ਰਹਾਉ। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨। 11-08-25, ਅੰਗ:-560