ਸਾਰੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਲੋਕ ਸਭਾ ਚੋਣਾਂ 2029 ਤੱਕ ਕੀਤਾ ਜਾਵੇ : ਕਮੇਟੀ ਦਾ ਸੁਝਾਅ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੇ ਲੰਘੇ ਕੱਲ੍ਹ ਐਤਵਾਰ ਨੂੰ ਆਪਣੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਕੀਤੇ ਹਨ। ਇਸਦੇ ਚੱਲਦਿਆਂ ਮੀਡੀਆ ਵਿਚ ਜਾਣਕਾਰੀ ਆ ਰਹੀ ਹੈ ਕਿ ਮੋਦੀ ਸਰਕਾਰ 2029 ਤੱਕ ਭਾਰਤ ਵਿਚ ਲੋਕ ਸਭਾ ਦੇ ਨਾਲ ਵਿਧਾਨ ਸਭਾ ਚੋਣਾਂ, ਯਾਨੀ ‘ਇਕ ਦੇਸ਼-ਇਕ ਚੋਣ’ ਕਰਵਾ ਸਕਦੀ ਹੈ। ਭਾਜਪਾ ਦੇ ਚੋਣ ਮਨੋਰਥ ਪੱਤਰ ਵਿਚ ਵੀ ਇਸ ਸਬੰਧੀ ਜ਼ਿਕਰ ਕੀਤਾ ਗਿਆ ਹੈ।
15 ਅਗਸਤ ਨੂੰ ਅਜ਼ਾਦੀ ਦਿਵਸ ਮੌਕੇ ਲਾਲ ਕਿਲ੍ਹੇ ਤੋਂ ਦਿੱਤੇ ਆਪਣੇ ਭਾਸ਼ਣ ਵਿਚ ਵੀ ਪ੍ਰਧਾਨ ਮੰਤਰੀ ਮੋਦੀ ਨੇ ‘ਇਕ ਦੇਸ਼-ਇਕ ਚੋਣ’ ਦੀ ਵਕਾਲਤ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਵਾਰ-ਵਾਰ ਚੋਣਾਂ ਦੇਸ਼ ਦੀ ਪ੍ਰਗਤੀ ਵਿਚ ਰੁਕਾਵਟ ਪੈਦਾ ਕਰਦੀਆਂ ਹਨ। ਇਸ ਸਬੰਧੀ ਵਿਚਾਰ ਕਰਨ ਲਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਿਚ ਬਣਾਈ ਗਈ ਕਮੇਟੀ ਨੇ ਵੀ ਆਪਣੀ ਰਿਪੋਰਟ ਸੌਂਪ ਦਿੱਤੀ ਸੀ। ਇਸ ਕਮੇਟੀ ਵਲੋਂ ਵੀ ਭਾਰਤ ਦੀਆਂ ਸਾਰੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ 2029 ਤੱਕ ਕਰਨ ਦਾ ਸੁਝਾਅ ਦਿੱਤਾ ਗਿਆ ਹੈ।