ਤਿੰਨ ਹਫਤਿਆਂ ਲਈ ਪੰਚਾਇਤੀ ਚੋਣਾਂ ਨੂੰ ਮੁਲਤਵੀ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਵਫ਼ਦ ਨੇ ਅੱਜ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸੂਬੇ ਦੇ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਚੋਣ ਕਮਿਸ਼ਨ ਕੋਲੋਂ ਪੰਚਾਇਤੀ ਚੋਣਾਂ ਨੂੰ 3 ਹਫ਼ਤਿਆਂ ਤੱਕ ਮੁਲਤਵੀ ਕਰਨ ਮੰਗ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਗਾਇਆ ਗਿਆ ਕਿ ਸੱਤਾਧਾਰੀ ਧਿਰ ਵਲੋਂ ਫ਼ਰਜ਼ੀ ਬੈਲੇਟ ਪੇਪਰ ਬਣਾਏ ਗਏ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਪੰਚਾਇਤੀ ਚੋਣਾਂ ਵਿਚ ਵੋਟਿੰਗ ਦੌਰਾਨ ਸੱਤਾਧਾਰੀ ਧਿਰ ਵੱਲੋਂ ਫ਼ਰਜ਼ੀਵਾੜੇ ਕੀਤੇ ਜਾਣ ਦਾ ਡਰ ਹੈ। ਪ੍ਰਤਾਪ ਸਿੰਘ ਬਾਜਵਾ ਨੇ ਚੋਣ ਕਮਿਸ਼ਨ ਕੋਲੋਂ ਮੰਗ ਕੀਤੀ ਕਿ ਬੈਲੇਟ ਪੇਪਰਾਂ ’ਤੇ ਹੋਲੋਗ੍ਰਾਮ ਲਗਾਏ ਜਾਣ। ਪ੍ਰਤਾਪ ਸਿੰਘ ਬਾਜਵਾ ਨੇ ਅੱਗੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ ਸਗੋਂ ਅਸੀਂ ਤਿੰਨ ਹਫ਼ਤਿਆਂ ਲਈ ਸਾਰੀ ਚੋਣ ਪ੍ਰਕਿਰਿਆ ਨੂੰ ਮੁਲਤਵੀ ਕੀਤੇ ਜਾਣ ਦੀ ਮੰਗ ਕੀਤੀ ਹੈ। ਕਿਉਂਕਿ ਇਸ ਮਾਮਲੇ ਵਿਚ ਕਈ ਥਾਵਾਂ ’ਤੇ ਮਾਨਯੋਗ ਹਾਈ ਕੋਰਟ ਨੇ ਪਹਿਲਾਂ ਹੀ ਰੋਕ ਲਗਾ ਦਿੱਤੀ ਹੈ।