ਗੁਰਸ਼ਰਨ ਸਿੰਘ ਛੀਨਾ ਅਤੇ ਗੁਰਪ੍ਰਤਾਪ ਸਿੰਘ ਟਿੱਕਾ ਦੇ ਅਸਤੀਫੇ ਨੇ ਅਕਾਲੀ ਦਲ ਦੀਆਂ ਮੁਸ਼ਕਲਾਂ ਹੋਰ ਵਧਾਈਆਂ

ਪਾਰਟੀ ਵਿਚ ਭਾਈ-ਭਤੀਜਾਵਾਦ ਦੇ ਲਗਾਏ ਆਰੋਪ

ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਮਣੀ ਅਕਾਲੀ ਦਲ ਇਕ ਪਾਸੇ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਵਿਚ ਜੁਟਿਆ ਹੋਇਆ ਹੈ। ਉਧਰ ਦੂਜੇ ਪਾਸੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਪਾਰਟੀ ਛੱਡ ਕੇ ਜਾਣਾ, ਅਜੇ ਵੀ ਜਾਰੀ ਹੈ। ਜਿਸ ਨੂੰ ਲੈ ਕੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸੋਚਣ ਲਈ ਮਜਬੂਰ ਹੋ ਗਏ ਹਨ।  ਇਸਦੇ ਚੱਲਦਿਆਂ ਅੰਮਿ੍ਤਸਰ ਵਿਚ ਬਿਕਰਮ ਸਿੰਘ ਮਜੀਠੀਆ ਦੇ ਦੋ ਕਰੀਬੀਆਂ ਗੁਰਸ਼ਰਨ ਸਿੰਘ ਛੀਨਾ ਅਤੇ ਗੁਰਪ੍ਰਤਾਪ ਸਿੰਘ ਟਿੱਕਾ ਨੇ ਵੀ ਪਾਰਟੀ ’ਚੋਂ ਅਸਤੀਫਾ ਦੇ ਦਿੱਤਾ ਹੈ।

ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਯੂਥ ਆਗੂ ਗੁਰਸ਼ਰਨ ਸਿੰਘ ਛੀਨਾ ਨੇ ਇਕ ਹੀ ਦਿਨ ਪਾਰਟੀ ’ਚੋਂ ਅਸਤੀਫਾ ਦਿੱਤਾ, ਜਿਸ ਕਾਰਨ ਸ਼ੋ੍ਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਹੋਰ ਵੀ ਵਧ ਗਈਆਂ ਹਨ। ਗੁਰਪ੍ਰਤਾਪ ਸਿੰਘ ਟਿੱਕਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤੇ ਆਪਣੇ ਅਸਤੀਫੇ ਦੇ ਸਬੰਧ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੱਤਰ ਵੀ ਲਿਖਿਆ ਹੈ ਅਤੇ ਪਾਰਟੀ ਵਿਚ ਭਾਈ-ਭਤੀਜਾਵਾਦ ਦੇ ਆਰੋਪ ਲਗਾਏ ਹਨ। ਟਿੱਕਾ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਭਵਿੱਖ ਦੀ ਰਣਨੀਤੀ ਤੈਅ ਕਰਨਗੇ।

ਇਸੇ ਦੌਰਾਨ ਗੁਰਸ਼ਰਨ ਸਿੰਘ ਛੀਨਾ ਨੇ ਵੀ ਪਾਰਟੀ ਵਿਚ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਨ ਦੇ ਆਰੋਪ ਲਗਾਏ ਹਨ। ਛੀਨਾ ਨੇ ਕਿਹਾ ਕਿ ਉਨ੍ਹਾਂ ਦੀਆਂ ਤਿੰਨ ਪੀੜ੍ਹੀਆਂ ਅਤੇ ਉਨ੍ਹਾਂ ਦੇ 20 ਸਾਲ ਵਿਸ਼ਵਾਸਘਾਤ ਦੀ ਭੇਟ ਚੜ੍ਹ ਗਏ ਹਨ। ਜਿਸਦੇ ਚੱਲਦਿਆਂ ਉਨ੍ਹਾਂ ਨੇ ਸ਼ੋ੍ਮਣੀ ਅਕਾਲੀ ਦਲ ਵਿਚੋਂ ਅਸਤੀਫਾ ਦਿੱਤਾ ਹੈ।  

MUST READ