ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ’ਤੇ ਲਗਾਈ ਰੋਕ
ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅੱਜ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਨੂੰ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ’ਚ ਹੋਈ ਦੋ ਸਾਲ ਦੀ ਸਜ਼ਾ ’ਤੇ ਰੋਕ ਲਗਾ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਅਮਨ ਅਰੋੜਾ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਅੰਮਿ੍ਰਤਸਰ ਵਿਚ ਤਿਰੰਗਾ ਲਹਿਰਾ ਸਕਣਗੇ। ਇਸ ਮਾਮਲੇ ਦੇ ਫੈਸਲੇ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਸੀ ਕਿਉਂਕਿ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ 26 ਜਨਵਰੀ ਗਣਤੰਤਰ ਦਿਵਸ ਮੌਕੇ ਅੰਮਿ੍ਰਤਸਰ ’ਚ ਤਿਰੰਗਾ ਲਹਿਰਾਉਣ ਦੀ ਜ਼ਿੰਮੇਵਾਰੀ ਲਗਾਈ ਗਈ ਸੀ।
ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅਨਿਲ ਕੁਮਾਰ ਵਾਸੀ ਮਾਨਸਾ ਵੱਲੋਂ ਕੈਬਨਿਟ ਮੰਤਰੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੀ ਦਲੀਲ ਹੈ ਕਿ ਸਜ਼ਾ ਤੋਂ ਬਾਅਦ ਅਮਨ ਅਰੋੜਾ ਮੰਤਰੀ ਅਹੁਦੇ ਤੋਂ ਅਯੋਗ ਹਨ ਅਤੇ ਅਜਿਹੇ ’ਚ ਉਨ੍ਹਾਂ ਨੂੰ ਗਣਤੰਤਰ ਦਿਵਸ ਮੌਕੇ ਝੰਡੇ ਲਹਿਰਾਉਣ ਦੀ ਆਗਿਆ ਨਾ ਦਿੱਤੀ ਜਾਵੇ। ਧਿਆਨ ਰਹੇ ਕਿ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਘਰੇਲੂ ਝਗੜੇ ’ਚ ਸੁਨਾਮ ਦੀ ਅਦਾਲਤ ਵੱਲੋਂ ਲੰਘੇ ਦਿਨੀਂ 2 ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਇਸ ਸਜ਼ਾ ਖਿਲਾਫ਼ ਅਮਨ ਅਰੋੜਾ ਵੱਲੋਂ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵਿਚ ਅਪੀਲ ਦਾਇਰ ਕੀਤੀ ਗਈ ਸੀ।