ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਹੀ ਦਿੱਤਾ ਗਿਆ ਸੀ ਨਿਯੁਕਤੀ ਪੱਤਰ
ਬਠਿੰਡਾ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ ਸ਼ਹੀਦ ਹੋਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੇ ਅੱਜ ਪੰਜਾਬ ਪੁਲਿਸ ਦੀ ਨੌਕਰੀ ਜੁਆਇਨ ਕਰ ਲਈ। ਧਿਆਨ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੁਰਪ੍ਰੀਤ ਕੌਰ ਨੂੰ ਦੋ ਦਿਨ ਪਹਿਲਾਂ ਹੀ ਪੁਲਿਸ ਵਿਭਾਗ ਦੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਸੀ। ਡਿਊਟੀ ਜੁਆਇਨ ਕਰਨ ਲਈ ਗੁਰਪ੍ਰੀਤ ਕੌਰ ਆਪਣੇ ਪਿਤਾ ਦੇ ਨਾਲ ਬਠਿੰਡਾ ਪੁਲਿਸ ਲਾਈਨ ਵਿਖੇ ਪਹੁੰਚੀ।
ਇਸ ਮੌਕੇ ਗੁਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਸ਼ੱਕ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ ਪਰ ਇਹ ਖੁਸ਼ੀ ਹੋਰ ਵੀ ਜ਼ਿਆਦਾ ਹੁੰਦੀ ਜੇਕਰ ਮੇਰਾ ਭਰਾ ਸ਼ੁਭਕਰਨ ਸਿੰਘ ਅੱਜ ਸਾਡੇ ਵਿਚਕਾਰ ਮੌਜੂਦ ਹੁੰਦਾ। ਉਨ੍ਹਾਂ ਕਿਹਾ ਕਿ ਸ਼ੁਭਕਰਨ ਸਿੰਘ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਧਿਆਨ ਰਹੇ ਕਿ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਲੰਘੀ 21 ਫਰਵਰੀ ਨੂੰ ਖਨੌਰੀ ਬਾਰਡਰ ’ਤੇ ਪੁਲਿਸ ਦੀ ਗੋਲੀ ਲੱਗਣ ਕਾਰਨ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਗਿਆ ਸੀ।