ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 36ਵੇਂ ਦਿਨ ਵੀ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਖਨੌਰੀ ਬਾਰਡਰ ’ਤੇ ਪਿੰਡ ਢਾਬੀ ਗੁੱਜਰਾਂ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਰੱਖਿਆ ਗਿਆ ਮਰਨ ਵਰਤ ਅੱਜ 36ਵੇਂ ਦਿਨ ਵੀ ਜਾਰੀ ਰਿਹਾ ਹੈ। ਇਸਦੇ ਚੱਲਦਿਆਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਹੁਤ ਹੀ ਚਿੰਤਾਜਨਕ ਹੋ ਗਈ ਹੈ। ਜਗਜੀਤ ਸਿੰਘ ਡੱਲੇਵਾਲ ਮਾਮਲੇ ’ਚ ਅੱਜ ਵੀ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ।
ਇਸੇ ਦੌਰਾਨ ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਲਈ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦਾ ਹੋਰ ਸਮਾਂ ਦੇ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਹੋਵੇਗੀ। ਧਿਆਨ ਰਹੇ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਤਾਂ ਬਹੁਤ ਸਾਰੇ ਆਗੂ ਗਏ ਹਨ, ਪਰ ਮਸਲੇ ਦਾ ਹੱਲ ਅਜੇ ਤੱਕ ਨਹੀਂ ਨਿਕਲਿਆ।