ਮਨੀ ਲਾਂਡਰਿੰਗ ਦੇ ਮਾਮਲੇ ਵਿਚ ਤੁਰੰਤ ਸਰੈਂਡਰ ਕਰਨ ਦਾ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਜੈਨ ਦੀ ਜ਼ਮਾਨਤ ਅਰਜ਼ੀ ਖਾਰਜ ਕਰਦੇ ਹੋਏ ਉਸ ਨੂੰ ਤੁਰੰਤ ਸਰੈਂਡਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮਾਨਯੋਗ ਜਸਟਿਸ ਏ.ਐਸ. ਬੋਪੱਨਾ ਅਤੇ ਜਸਟਿਸ ਬੇਲਾ ਐਮ. ਤਿ੍ਰਵੇਦੀ ਦੀ ਬੈਂਚ ਨੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਵਿਚ ਸਤੇਂਦਰ ਜੈਨ ਅਤੇ ਉਸਦੇ ਸਹਿਯੋਗੀ ਅੰਕੁਸ਼ ਜੈਨ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕੀਤੀ। ਸਤੇਂਦਰ ਜੈਨ 26 ਮਈ 2023 ਤੋਂ ਮੈਡੀਕਲ ਬੇਲ ’ਤੇ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਤੇਂਦਰ ਜੈਨ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਮਨੀ ਲਾਂਡਰਿੰਗ ਨੂੰ ਲੈ ਕੇ 30 ਮਈ 2022 ਨੂੰ ਗਿ੍ਰਫਤਾਰ ਕੀਤਾ ਸੀ।
ਦੱਸਣਯੋਗ ਹੈ ਕਿ ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਸਤੇਂਦਰ ਜੈਨ ਤੋਂ ਬਾਅਦ ਈਡੀ ਨੇ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਵੀ ਗਿ੍ਫਤਾਰ ਕੀਤਾ ਸੀ ਅਤੇ ਇਸੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਸੰਮਨ ਭੇਜੇ ਜਾ ਰਹੇ ਹਨ।