ਮੁੱਖ ਮੰਤਰੀ ਮਾਨ ਬੋਲੇ : ਪੰਜਾਬ ਕੋਲ ਦੂਜੇ ਰਾਜਾਂ ਨੂੰ ਦੇਣ ਲਈ ਨਹੀਂ ਹੈ ਵਾਧੂ ਪਾਣੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ 117 ਬਲਾਕਾਂ ਪਾਣੀ ਦੀ ਸਥਿਤੀ ਬੇਹੱਦ ਗੰਭੀਰ ਹੋ ਚੁੱਕੀ ਹੈ। ਕਿਉਂਕਿ ਧਰਤੀ ’ਚੋਂ ਪਾਣੀ ਕੱਢਣ ਦੀ ਦਰ 100 ਪ੍ਰਤੀਸ਼ਤ ਤੋਂ ਵੀ ਜ਼ਿਆਦਾ ਹੈ। ਜਿਸ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਪੰਜਾਬ ਕੋਲ ਦੂਜਿਆਂ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਪੰਜਾਬ ਦੇ ਪਾਣੀਆਂ ਦੀ ਸਥਿਤੀ ਦਾ ਮੁੱਦਾ ਰਾਵੀ-ਬਿਆਸ ਜਲ ਟਿ੍ਰਬਿਊਨਲ ਅੱਗੇ ਪੇਸ਼ ਕੀਤਾ।
ਮੁੱਖ ਮੰਤਰੀ ਮਾਨ ਨੇ ਟਿ੍ਰਬਿਊਨਲ ਤੋਂ ਮੰਗ ਕੀਤੀ ਕਿ ਨਿਯਮਾਂ ਅਨੁਸਾਰ ਦਰਿਆਈ ਪਾਣੀ ਦੀ ਉਪਲਬਧਤਾ ਦਾ ਮੁੜ ਤੋਂ ਮੁਲਾਂਕਣ ਕੀਤਾ ਜਾਵੇ। ਉਨ੍ਹਾਂ ਟਿ੍ਰਬਿਊਨਲ ਨੂੰ ਦੱਸਿਆ ਕਿ ਰਾਵੀ ਅਤੇ ਬਿਆਸ ਦਰਿਆਵਾਂ ਵਾਂਗ ਯਮੁਨਾ ਨਦੀ ਵੀ ਪੁਨਰਗਠਨ ਤੋਂ ਪਹਿਲਾਂ ਪੰਜਾਬ ਦੇ ਪੁਰਾਣੇ ਸੂਬਾਈ ਰਕਬੇ ’ਚੋਂ ਲੰਘਦੀ ਸੀ ਪਰ ਦਰਿਆਈ ਪਾਣੀਆਂ ਦੀ ਵੰਡ ਕਰਦੇ ਸਮੇਂ ਪੰਜਾਬ ਅਤੇ ਹਰਿਆਣਾ ਵਿਚਕਾਰ ਯਮੁਨਾ ਦੇ ਪਾਣੀਆਂ ’ਤੇ ਵਿਚਾਰ ਨਹੀਂ ਕੀਤਾ ਗਿਆ। ਜਦੋਂਕਿ ਵੰਡ ਲਈ ਸਿਰਫ ਰਾਵੀ ਅਤੇ ਬਿਆਸ ਦੇ ਪਾਣੀਆਂ ਨੂੰ ਧਿਆਨ ’ਚ ਰੱਖਿਆ ਗਿਆ ਸੀ।