ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥ ੧ ॥
ਵਿਆਖਿਆ :- ਹੇ ਪਿਆਰੇ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ। ਮੈਂ ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂ ? ਹੇ ਸਹੇਲੀ! ਜੇ ਬਾਲਕ ਨੂੰ ਸੌ ਖੇਡਾਂ ਨਾਲ ਖਿਡਾਇਆ ਜਾਏ ( ਪਰਚਾਇਆ ਜਾਏ), ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ। (ਤਿਵੇਂ ਹੀ) ਹੇ ਸਖੀ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ, ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ-ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ ਹੇ ਸਹੇਲੀ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ, ਪਿਆਰੇ ਪ੍ਰਭੂ ਦਾ ਪ੍ਰੇਮ ਵੱਸ ਰਿਹਾ ਹੈ। (ਉਸ ਦੇ) ਦਰਸਨ ਤੋਂ ਬਿਨਾ ਮੇਰਾ ਮਨ ਸ਼ਾਂਤੀ ਨਹੀਂ ਹਾਸਲ ਕਰ ਸਕਦਾ।੧।25-03-24, ਅੰਗ :-564


