ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥ ੧ ॥
ਵਿਆਖਿਆ:- ਹੇ ਭਾਈ! ਉਹ ਗੁਰੂ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ ਜਿਸ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ । ਗੁਰੂ ਦੀ ਸੰਗਤਿ ਵਿਚ ਆਤਮਕ ਜੀਵਨ ਦੇਣ ਵਾਲਾ ਹਰਿ- ਨਾਮ ਸਿਮਰਿਆ ਜਾ ਸਕਦਾ ਹੈ । ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਾਹ, (ਉਥੇ) ਇਕ ਪ੍ਰਭੂ ਦਾ ਸਿਮਰਨ ਕਰ, (ਸਿਮਰਨ ਦੀ ਬਰਕਤਿ ਨਾਲ) ਜਨਮ ਮਰਨ ਦਾ ਦੁੱਖ ਦੂਰ ਹੋ ਜਾਂਦਾ ਹੈ । (ਜਿਸ ਮਨੁੱਖ ਦੇ ਮੱਥੇ ਉੱਤੇ) ਧੁਰ ਦਰਗਾਹ ਤੋਂ (ਸਿਮਰਨ ਕਰਨ ਵਾਸਤੇ) ਬਖ਼ਸ਼ਸ਼ (ਦਾ ਲੇਖ) ਲਿਖਿਆ ਹੁੰਦਾ ਹੈ, ਉਹੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਗ੍ਰਹਣ ਕਰਦਾ ਹੈ, ਉਸ ਦੀ ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਹੇ ਭਾਈ! ਸਿਮਰਨ ਦੀ ਬਰਕਤਿ ਨਾਲ ਸਾਰੇ ਡਰ ਸਾਰੇ ਭਰਮ ਨਾਸ ਹੋ ਜਾਂਦੇ ਹਨ, (ਮਨ ਵਿਚ ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ, ਆਤਮਕ ਮੌਤ ਸਹੇੜਨ ਵਾਲੇ ਰਸਤੇ ਉਤੇ ਬਿਲਕੁਲ ਨਹੀਂ ਤੁਰੀਦਾ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਹਰ ਕਰ ਕਿ ਅਸੀ ਜੀਵ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦੇ ਰਹੀਏ।੧।31-03-24, ਅੰਗ:-691