ਰਾਮਕਲੀ ਮਹਲਾ ੫ ॥ ਕਾਹੂ ਬਿਹਾਵੈ ਰੰਗ ਰਸ ਰੂਪ ॥ ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥ ਰਚਨਾ ਸਾਚੁ ਬਨੀ ॥ ਸਭ ਕਾ ਏਕੁ ਧਨੀ ॥੧॥ ਰਹਾਉ॥
ਵਿਆਖਿਆ :- (ਭਾਵੇਂ ਪਰਮਾਤਮਾ ਹੀ ਹਰੇਕ ਜੀਵ ਦਾ ਮਾਲਕ ਹੈ ਫਿਰ ਭੀ) ਕਿਸੇ ਮਨੁੱਖ ਦੀ ਉਮਰ ਦੁਨੀਆ ਦੇ ਰੰਗ-ਤਮਾਸ਼ਿਆਂ, ਦੁਨੀਆ ਦੇ ਸੋਹਣੇ ਰੂਪਾਂ ਅਤੇ ਪਦਾਰਥਾਂ ਦੇ ਰਸਾਂ-ਸੁਆਦਾਂ ਵਿਚ ਬੀਤ ਰਹੀ ਹੈ; ਕਿਸੇ ਦੀ ਉਮਰ ਮਾਂ ਪਿਉ ਪੁੱਤਰ ਆਦਿਕ ਪਰਵਾਰ ਦੇ ਮੋਹ ਵਿਚ ਗੁਜ਼ਰ ਰਹੀ ਹੈ; ਕਿਸੇ ਮਨੁੱਖ ਦੀ ਉਮਰ ਰਾਜ ਮਾਣਨ, ਭੁਇਂ ਦੀ ਮਾਲਕੀ, ਵਪਾਰ ਆਦਿਕ ਕਰਨ ਵਿਚ ਲੰਘ ਰਹੀ ਹੈ। (ਹੇ ਭਾਈ! ਸਿਰਫ਼) ਸੰਤ ਦੀ ਉਮਰ ਪਰਮਾਤਮਾ ਦੇ ਨਾਮ ਦੇ ਆਸਰੇ ਬੀਤਦੀ ਗੁਜ਼ਰਦੀ ਹੈ।1। ਹੇ ਭਾਈ! ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ। ਇਹ ਸਾਰੀ ਸ੍ਰਿਸ਼ਟੀ ਉਸੇ ਦੀ ਪੈਦਾ ਕੀਤੀ ਹੋਈ ਹੈ। ਇਕ ਉਹੀ ਹਰੇਕ ਜੀਵ ਦਾ ਮਾਲਕ ਹੈ।1। ਰਹਾਉ। 15-04-24, ਅੰਗ:-914