ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥
ਵਿਆਖਿਆ :-ਹੇ ਮੋਹਨ-ਪ੍ਰਭੂ! ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀ ਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾ ਹੁ ਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ,(ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ) ਹੇ ਭੈਣ! ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ।੧। ਰਹਾਉ। ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ-) ਹੇ ਭੈਣ!ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ ।੧। ਅੰਗ:-830