ਸੋਰਠਿ ਮਹਲਾ ੫ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ॥
ਵਿਆਖਿਆ:- (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ)। ।੧। ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ । ੧।ਰਹਾਉ। ਅੰਗ:-628