ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥
ਵਿਆਖਿਆ :- ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ – ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ। (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ)। (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। 14-06-24, ਅੰਗ:-134